Dailyhunt
ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ 'ਤੇ ਜ਼ੋਰ

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ 'ਤੇ ਜ਼ੋਰ

5 Dariya News 1 week ago

ਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਟੀਚਿਆਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰੀ ਸਿਹਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ। ਜ਼ਿਲ੍ਹਾ ਹੈਲਥ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ, ਇਸ ਲਈ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਈ ਘਾਟ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਸਿਹਤ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਸੇਵਾਵਾਂ ਦੀ ਗੁਣਵੱਤਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਡਾ. ਹਿਮਾਂਸ਼ੂ ਅਗਰਵਾਲ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਾਲ 2025-26 ਦੌਰਾਨ ਜ਼ਿਲ੍ਹੇ ਵਿੱਚ 921 ਦੇ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਹੋਰ ਚੁਸਤ ਕੀਤਾ ਜਾਵੇ। ਉਨ੍ਹਾਂ ਲਿੰਗ ਨਿਰਧਾਰਨ ਟੈਸਟਾਂ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਅਲਟਰਾ ਸਾਊਂਡ ਸੈਂਟਰਾਂ, ਖਾਸ ਕਰਕੇ ਹਰਿਆਣਾ ਨਾਲ ਲੱਗਦੇ ਖੇਤਰਾਂ ਵਿੱਚ ਅਚਾਨਕ ਜਾਂਚ ਵਧਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਸੰਤੁਲਿਤ ਕਰਨ ਲਈ ਸਿਹਤ ਵਿਭਾਗ ਹੋਰ ਚੌਕਸੀ ਨਾਲ ਕੰਮ ਕਰੇ। ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਨਸ਼ਾ ਛੁਡਾਉ ਕੇਂਦਰਾਂ ਦੀ ਕਾਰਗੁਜ਼ਾਰੀ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾ ਕੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਹੇਠ ਜ਼ਿਆਦਾ ਤੋਂ ਜ਼ਿਆਦਾ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮੁਫ਼ਤ ਜਾਂ ਸਬਸਿਡੀ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇ।

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਯੋਜਨਾ ਸਬੰਧੀ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਨਜ਼ਦੀਕ ਤੇ ਮੁਫ਼ਤ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮਹੱਤਵਪੂਰਨ ਕੜੀ ਹਨ।

ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਓਪੀਡੀ ਵਧਾਉਣ ਲਈ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ ਅਤੇ ਸਾਰੀਆਂ ਬੁਨਿਆਦੀ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਜੱਚਾ-ਬੱਚਾ ਮੌਤ ਦਰ ਦੀ ਸਮੀਖਿਆ ਕਰਦਿਆਂ ਸ਼ੁਤਰਾਣਾ ਖੇਤਰ ਵਿੱਚ ਹਾਲ ਹੀ ਦੌਰਾਨ ਹੋਈਆਂ ਜੱਚਾ ਮੌਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਤੱਥਾਂ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਐਸ.ਐਮ.ਓਜ਼ ਨੂੰ ਚੰਗਾ ਕੰਮ ਕਰਨ ਵਾਲੀਆਂ ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਹੋਰ ਕਰਮਚਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਵੀ ਕਿਹਾ। ਡਾ. ਹਿਮਾਂਸ਼ੂ ਅਗਰਵਾਲ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਚਾਅ ਦੇ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਅਤੇ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਉਨ੍ਹਾਂ 9 ਤੋਂ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ. ਵੈਕਸੀਨ ਲਗਵਾਉਣ ਲਈ ਮਾਪਿਆਂ ਨੂੰ ਹੋਰ ਪ੍ਰੇਰਿਤ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 54 ਕੈਂਸਰ ਮਰੀਜ਼ਾਂ ਨੂੰ ਇਲਾਜ ਲਈ 6.95 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਜਾਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਨੇੜੇ ਤੰਬਾਕੂ ਅਤੇ ਤੰਬਾਕੂ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਡਾ. ਜਸਵਿੰਦਰ ਸਿੰਘ, ਡਾ. ਸੁਮਿਤ ਸਿੰਘ, ਡਾ. ਬਲਕਾਰ ਸਿੰਘ, ਡਾ. ਵਿਕਾਸ ਗੋਇਲ ਸਮੇਤ ਸਮੂਹ ਐਸ.ਐਮ.ਓਜ਼ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi