ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿਖੇ ਲਗਭਗ 01 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਨੂੰ ਲੋਕ ਅਰਪਿਤ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਣ।
ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਤਿਆਰ ਹੋਣ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਅਭਿਆਸ ਦਾ ਮੌਕਾ ਮਿਲੇਗਾ ਅਤੇ ਖੇਡਾਂ ਵਿੱਚ ਨਵੀਂ ਪੀੜ੍ਹੀ ਨੂੰ ਅੱਗੇ ਵਧਣ ਲਈ ਪ੍ਰੇਰਨਾ ਮਿਲੇਗੀ।
ਕੈਬਨਟ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਮਹੱਤਪੂਰਨ ਸਾਧਨ ਹਨ। ਖੇਡਾਂ ਕੇਵਲ ਇਨਸਾਨ ਦੇ ਸਰੀਰ ਨੂੰ ਮਜ਼ਬੂਤ ਨਹੀਂ ਕਰਦੀਆਂ ਸਗੋਂ ਉਸ ਦੇ ਮਨ ਨੂੰ ਵੀ ਮਜ਼ਬੂਤ ਕਰਦੀਆਂ ਹਨ। ਕਿਸੇ ਵੀ ਖੇਤਰ ਦੇ ਵਿੱਚ ਖਿਡਾਰੀ ਹੋਰਨਾਂ ਲੋਕਾਂ ਨਾਲੋਂ ਜ਼ਿਆਦਾ ਵਧੀਆ ਪ੍ਰਦਰਸ਼ਨ ਕਰਨ ਦੀ ਸਮਰੱਥਾ ਰੱਖਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਖੇਡਾਂ ਦੀ ਪ੍ਰੈਕਟਿਸ ਆਸਾਨੀ ਨਾਲ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਰਾਜ ਭਰ ਵਿੱਚ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਟੇਡੀਅਮ ਦੀ ਸੰਭਾਲ ਸਾਂਝੇ ਤੌਰ 'ਤੇ ਕੀਤੀ ਜਾਵੇ ਅਤੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।
ਇਸ ਮੌਕੇ ਇਮਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿਲ, ਐਸ.ਡੀ.ਐਮ. ਦਿੜ੍ਹਬਾ ਤਰਸੇਮ ਚੰਦ ਸਮੇਤ ਸਥਾਨਕ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

