Dailyhunt Logo
  • Light mode
    Follow system
    Dark mode
    • Play Story
    • App Story
ਮੋਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਡਾਕੂਮੈਂਟਰੀ ਵੈਨਾਂ ਰਵਾਨਾ

ਮੋਹਿੰਦਰ ਭਗਤ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਡਾਕੂਮੈਂਟਰੀ ਵੈਨਾਂ ਰਵਾਨਾ

5 Dariya News 5 days ago

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ 3 ਡਾਕੂਮੈਂਟਰੀ ਵੈਨਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਸਥਾਨਕ ਰੈੱਡ ਕਰਾਸ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਜ਼ਰੀਏ ਗੁਰੂ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਵਚਨਬੱਧਤਾ ਤਹਿਤ ਸੂਬੇ ਭਰ ਵਿੱਚ ਇਹ ਵੈਨਾਂ ਚਲਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਐਲ.ਈ.ਡੀ. ਸਕਰੀਨਾਂ ਨਾਲ ਲੈਸ ਇਨ੍ਹਾਂ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਗੁਰੂ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਸਰਕਾਰ ਵੱਲੋਂ ਸਾਲ ਭਰ ਚੱਲ਼ਣ ਵਾਲੇ ਸਮਾਗਮਾਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਅੱਜ ਤਿੰਨ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ, ਜੋ ਕਿ ਪਹਿਲਾਂ ਨਕੋਦਰ, ਕਰਤਾਰਪੁਰ ਅਤੇ ਆਦਮਪੁਰ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਜਾਣਗੀਆਂ ਅਤੇ ਹਰੇਕ ਵੈਨ ਰਾਹੀਂ ਰੋਜ਼ਾਨਾਂ ਦੋ ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਰੁਣ ਚੌਧਰੀ, ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi