ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ 11 ਸਾਲਾਂ ਵਿੱਚ ਨਾ ਸਿਰਫ਼ ਘਰੌਂਡਾ ਖੇਤਰ, ਸਗੋਂ ਪੂਰੇ ਸੂਬੇ ਵਿੱਚ ਜੰਮ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਮਾਜ ਵਿੱਚ ਜਾਗਰੂਕਤਾ ਵੀ ਵਧੀ ਹੈ। ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਮਿਲ ਰਹੀਆਂ ਹਨ।
ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਘਰ ਬੈਠੇ ਹੀ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਫ਼ਸਲ ਦਾ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਰਿਹਾ ਹੈ। ਵਿਕਾਸ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਵਧੀ ਹੈ। ਸ੍ਰੀ ਕਲਿਆਣ ਅੱਜ ਕਰਨਾਲ ਦੇ ਘਰੌਂਡਾ ਵਿਖੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਲਈ ਵਿਛਾਈ ਗਈ ਨਵੀਂ ਪਾਈਪ ਲਾਈਨ ਅਤੇ 6 ਟਿਊਬਵੈੱਲਾਂ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਇਨ੍ਹਾਂ 'ਤੇ 3 ਕਰੋੜ 37 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਪ੍ਰਵਾਨਿਤ ਕਾਲੋਨੀਆਂ ਵਿੱਚ 7.50 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਨਜ਼ਦੀਕੀ ਭਵਿੱਖ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਲਈ 8 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਵਿਛਾਈ ਗਈ ਹੈ, ਜਦੋਂ ਕਿ ਡਿਫੈਂਸ ਕਾਲੋਨੀ, ਫਿਸ਼ ਮਾਰਕੀਟ, ਵਿਗ ਕਾਲੋਨੀ, ਪੁਰਾਣੇ ਗਰਲਜ਼ ਸਕੂਲ ਦੇ ਕੋਲ, ਜੈਲ ਸਿੰਘ ਕਾਲੋਨੀ ਅਤੇ ਐਸ.ਟੀ.ਪੀ. ਦੇ ਕੋਲ ਨਵੇਂ ਟਿਊਬਵੈੱਲ ਲਗਾਏ ਗਏ ਹਨ।
ਗਰਮੀਆਂ ਵਿੱਚ ਸ਼ਹਿਰ ਵਾਸੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੇ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਵਿਵਸਥਾ ਵਿੱਚ ਪਾਰਦਰਸ਼ਤਾ ਕਾਰਨ ਸਰਕਾਰ ਵੱਲੋਂ ਯੋਗ ਲੋਕਾਂ ਨੂੰ ਪੂਰੀ ਰਾਸ਼ੀ ਪ੍ਰਾਪਤ ਹੋ ਰਹੀ ਹੈ। ਨਿਯਮਾਂ ਵਿੱਚ ਕੀਤੇ ਗਏ ਸੋਧਾਂ ਦੀ ਬਦੌਲਤ ਸ਼ਹਿਰ ਦੀਆਂ ਅਨੇਕਾਂ ਨਾਜਾਇਜ਼ ਕਾਲੋਨੀਆਂ ਵੈਧ (ਲੀਗਲ) ਹੋਈਆਂ ਹਨ।
ਇੰਨਾ ਹੀ ਨਹੀਂ, ਇਨ੍ਹਾਂ ਵਿੱਚ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਯੋਜਨਾਵਾਂ ਦਾ ਲਾਭ ਸਮੇਂ ਸਿਰ ਯੋਗ ਲੋਕਾਂ ਤੱਕ ਪਹੁੰਚੇ।
ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸੋਨੀ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸੰਜੇ ਸ਼ਰਮਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

