Dailyhunt Logo
  • Light mode
    Follow system
    Dark mode
    • Play Story
    • App Story
ਵਰਜੀਤ ਵਾਲੀਆ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਵਰਜੀਤ ਵਾਲੀਆ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

5 Dariya News 6 days ago

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੀਆਂ ਸਕੂਲੀ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਸ਼੍ਰੀ ਵਾਲੀਆ ਨੇ ਸਪਸ਼ਟ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਸ਼੍ਰੀ ਵਾਲੀਆ ਨੇ ਮਾਨਸੂਨ ਦੇ ਮੱਦੇਨਜ਼ਰ ਐਨ.ਐਚ.ਆਈ.ਏ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਾਈਵੇ 'ਤੇ ਕਿਤੇ ਵੀ ਬਾਰਿਸ਼ ਦਾ ਪਾਣੀ ਜਮ੍ਹਾ ਨਾ ਹੋਵੇ। ਉਨ੍ਹਾਂ ਹਾਈਵੇ 'ਤੇ ਮੀਂਹ ਦੇ ਪਾਣੀ ਦੀ ਢੁੱਕਵੀਂ ਨਿਕਾਸੀ ਲਈ ਲੋੜੀਂਦੇ ਪ੍ਰਬੰਧਾਂ 'ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ, ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਸ਼੍ਰੀ ਵਾਲੀਆ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਟ੍ਰੈਫਿਕ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਰਾਹ-ਵੀਰ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸ਼੍ਰੀ ਵਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਕੀਮ ਸਬੰਧੀ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਇਸ ਸਕੀਮ ਨੂੰ ਜ਼ਮੀਨੀ ਪੱਧਰ 'ਤੇ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅੰਡਰ ਏਜ, ਸ਼ਰਾਬ ਪੀ ਕੇ ਵਾਹਨ ਚਲਾਉਣ ਸਮੇਤ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਬੰਧਤ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਸੜਕ 'ਤੇ ਪੈਦਲ ਚੱਲ਼ਣ ਵਾਲਿਆਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਸਕੱਤਰ ਆਰ.ਟੀ.ਏ. ਬਲਜਿੰਦਰ ਸਿੰਘ ਢਿੱਲੋਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi