ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ ਗੇਟ ਵਿਖੇ ਅੱਜ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਇਹ ਲਾਇਬ੍ਰੇਰੀ ਲਗਭਗ 64 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੀ ਹਾਜ਼ਰ ਸਨ।
ਲਾਈਬ੍ਰੇਰੀ ਦਾ ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਲਾਇਬਰੇਰੀ ਦਾ ਨਾਮ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਨਾਮ 'ਤੇ ਰੱਖਿਆ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੁਸਤਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਲਈ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਇੱਕ ਸਿੱਖਿਅਤ, ਜਾਗਰੂਕ ਅਤੇ ਸਭਿਅਕ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਲਾਇਬ੍ਰੇਰੀ ਦਾ ਇਲਾਕੇ ਦੇ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਲਾਇਬ੍ਰੇਰੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਤਰ੍ਹਾਂ ਦੀਆਂ ਲਾਭਦਾਇਕ ਅਤੇ ਗਿਆਨਵਰਧਕ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨੂੰ ਹੋਰ ਬਿਹਤਰ ਬਣਾਉਣ ਲਈ ਇੱਥੇ ਲਗਾਏ ਗਏ ਸੁਝਾਅ ਬਾਕਸ ਵਿੱਚ ਇਲਾਕਾ ਵਾਸੀਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਧਿਆਨ ਵਿੱਚ ਰੱਖਿਆ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਲਾਇਬ੍ਰੇਰੀ ਦੀ ਪੂਰੀ ਦੇਖਭਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਾਇਬ੍ਰੇਰੀ ਵਿੱਚ 10 ਕੰਪਿਊਟਰ ਵੀ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਅਤੇ ਆਨਲਾਈਨ ਅਧਿਐਨ ਦੀਆਂ ਸਹੂਲਤਾਂ ਵੀ ਮਿਲਣਗੀਆਂ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ, ਕੌਂਸਲਰ ਸ੍ਰੀਮਤੀ ਰਿਤੂ ਗਿੱਲ, ਡਾਕਟਰ ਨਿਜਰ ਦੇ ਓਐਸਡੀ ਮਨਪ੍ਰੀਤ ਸਿੰਘ, ਬੰਟੀ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

