Dailyhunt Logo
  • Light mode
    Follow system
    Dark mode
    • Play Story
    • App Story
ਵਿਸ਼ੇਸ਼ ਗਹਿਰੀ ਸੁਧਾਈ-2026 : ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਿਸ਼ੇਸ਼ ਗਹਿਰੀ ਸੁਧਾਈ-2026 : ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

5 Dariya News 1 week ago

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ -2026 ਦੇ ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਉਨ੍ਹਾਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਬਸੈਂਟ, ਡੈੱਡ, ਡੁਪਲੀਕੇਟ ਅਤੇ ਸ਼ਿਫਟਡ ਵੋਟਰਾਂ ਸਬੰਧੀ ਤਿਆਰ ਕੀਤੀਆਂ ਏ.ਐਸ.ਡੀ.ਡੀ. ਸੂਚੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਚੀਆਂ ਦਾ ਉਦੇਸ਼ ਵੋਟਰ ਸੂਚੀਆਂ ਨੂੰ ਵੱਧ ਤੋਂ ਵੱਧ ਸਹੀ ਅਤੇ ਅਪਡੇਟ ਬਣਾਉਣਾ ਹੈ ਤਾਂ ਜੋ ਹਰ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਦੁਹਰਾਈ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।

ਸ੍ਰੀ ਸੇਤੀਆ ਨੇ ਕਿਹਾ ਕਿ ਜੇਕਰ ਰਾਜਨੀਤਿਕ ਪਾਰਟੀਆਂ ਜਾਂ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਨੂੰ ਏ.ਐਸ.ਡੀ.ਡੀ. ਸੂਚੀਆਂ ਵਿੱਚ ਕਿਸੇ ਵੀ ਕਿਸਮ ਦੀ ਤਰੁੱਟੀ ਜਾਂ ਗਲਤੀ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਬੂਥ ਲੈਵਲ ਅਫ਼ਸਰ ਜਾਂ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰ ਜਾਂ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕਰਨ, ਤਾਂ ਜੋ ਨਿਰਧਾਰਿਤ ਸਮੇਂ ਅੰਦਰ ਲੋੜੀਂਦੀ ਜਾਂਚ ਉਪਰੰਤ ਉਸ ਵਿੱਚ ਸੋਧ ਕੀਤੀ ਜਾ ਸਕੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੀ.ਐਲ.ਏ.-1 ਨੂੰ ਹੋਰ ਸਰਗਰਮ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੂਥ ਪੱਧਰ 'ਤੇ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਬੀ.ਐਲ.ਏ. ਵੋਟਰ ਸੂਚੀਆਂ ਦੀ ਤਸਦੀਕ ਅਤੇ ਤਰੁੱਟੀਆਂ ਦੂਰ ਕਰਵਾਉਣ ਵਿੱਚ ਚੋਣ ਪ੍ਰਕਿਰਿਆ ਦੇ ਮਹੱਤਵਪੂਰਨ ਭਾਗੀਦਾਰ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ-2026 ਸਬੰਧੀ ਬੁਲਾਈਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਜਾਂ ਉਨ੍ਹਾਂ ਦੇ ਅਧਿਕਾਰਤ ਨੁਮਾਇੰਦੇ ਲਾਜ਼ਮੀ ਤੌਰ 'ਤੇ ਹਾਜ਼ਰੀ ਯਕੀਨੀ ਬਣਾਉਣ, ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਹੋ ਸਕੇ ਅਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾ ਸਕੇ।

ਉਹਨਾਂ ਕਿਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ ਇਹਨਾਂ ਸਾਰਿਆਂ ਨੂੰ ਘਰ ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਇਹਨਾਂ ਵਿਚੋਂ 100 ਫ਼ੀਸਦੀ ਤੋਂ ਵਧੇਰੇ ਫਾਰਮਾਂ ਦੀ ਡਿਜੀਟਾਈਜੇਸ਼ਨ ਵੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਸੋਧੇ ਸ਼ਡਿਊਲ ਤਹਿਤ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ।

ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi