Dailyhunt
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

Amritsar News: ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਵੀ ਸਾਂਝਾ ਕੀਤਾ ਹੈ। ਵੀਡੀਓ ਵਿੱਚ ਗੋਲੀਆਂ ਦੀ ਆਵਾਜ਼ ਸਾਫ਼ ਸੁਣਾਈ ਦੇ ਰਹੀ ਹੈ।

ਜਾਣਕਾਰੀ ਮੁਤਾਬਕ, ਲਗਭਗ 9 ਤੋਂ 10 ਰਾਉਂਡ ਫਾਇਰ ਹੋਏ ਹਨ।

ਘਰ ਦੇ ਬਾਹਰ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦੋਂ ਕਿ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਥਾਨ ਤੋਂ ਖਾਲੀ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਖੁਸ਼ਕਿਸਮਤੀ ਰਹੀ ਕਿ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਘਟਨਾ ਨੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪਰਿਵਾਰ ਵਿੱਚ ਸਹਿਮ ਦਾ ਮਾਹੌਲ

ਪਰਿਵਾਰਕ ਮੈਂਬਰ ਰਸ਼ਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਨਹੀਂ ਹੈ, ਫਿਰ ਵੀ ਇਸ ਘਟਨਾ ਨੇ ਉਨ੍ਹਾਂ ਨੂੰ ਡਰਾ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਇਸ ਘਟਨਾ ਨੂੰ ਲੈ ਕੇ ਸਰਕਾਰ ਅਤੇ ਪੁਲਿਸ 'ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਬਿਕਰਮ ਸਿੰਘ ਮਜੀਠੀਆ ਨੇ ਡੀਜੀਪੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਤੁਰੰਤ ਸੁਧਾਰਣ, ਕਿਉਂਕਿ ਆਮ ਲੋਕ ਡਰ ਦੇ ਸਾਏ ਹੇਠ ਰਹਿਣ ਲਈ ਮਜਬੂਰ ਹਨ।

ਸੂਚਨਾ ਮਿਲਣ ਤੋਂ ਬਾਅਦ ਮਜੀਠਾ ਪੁਲਿਸ ਸਟੇਸ਼ਨ ਦੇ ਐਸਐਚਓ ਅਵਤਾਰ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਰਿਕਾਰਡਿੰਗ ਆਪਣੇ ਕਬਜ਼ੇ ਵਿੱਚ ਲੈ ਲਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha