Gurdaspur News : ਗੁਰਦਾਸਪੁਰ ਦੇ ਕਸਬਾ ਪੁਰਾਣਾ ਸ਼ਾਲਾ ਦੇ ਵਸਨੀਕ 35 ਸਾਲਾ ਗੁਰਸਿੱਖ ਨੌਜਵਾਨ ਚਰਨਜੀਤ ਸਿੰਘ ਉਰਫ ਰਿੰਕੂ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ। 35 ਸਾਲਾ ਨੌਜਵਾਨ ਦੀ ਅਚਾਨਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਿੰਕੂ ਕਰੀਬ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖ਼ਾਤਰ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਅਮਰੀਕਾ ਗਿਆ ਸੀ।
ਬੀਤੇ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ 27 ਮਾਰਚ ਨੂੰ ਚਰਨਜੀਤ ਸਿੰਘ ਨੂੰ ਨਹਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਬਾਥਰੂਮ ਅੰਦਰ ਹੀ ਉਸ ਦੀ ਮੌਤ ਹੋ ਗਈ।
ਮਾਂ ਨੂੰ ਪੁੱਤ ਦੇ ਅੰਤਿਮ ਦਰਸ਼ਨ ਵੀ ਨਸੀਬ ਨਹੀਂ ਹੋਏ
ਮ੍ਰਿਤਕ ਨੌਜਵਾਨ ਦੀ ਮਾਤਾ ਨੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਪੁੱਤ ਦੀ ਮ੍ਰਿਤਕ ਦੇਹ ਇੱਕ ਵਾਰ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਜਿਗਰ ਦੇ ਟੁਕੜੇ ਨੂੰ ਆਖਰੀ ਵਾਰ ਦੇਖ ਸਕੇ ਪਰ ਹਾਲਾਤ ਅਜਿਹੇ ਬਣੇ ਕਿ ਅੱਜ ਅਮਰੀਕਾ ਦੀ ਧਰਤੀ 'ਤੇ ਹੀ ਰਿੰਕੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮਾਂ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਵੀ ਨਹੀਂ ਕਰ ਸਕੀ।
5 ਅਪ੍ਰੈਲ ਨੂੰ ਹੋਵੇਗੀ ਅੰਤਿਮ ਅਰਦਾਸ
ਭਾਵੇਂ ਕਿ ਚਰਨਜੀਤ ਸਿੰਘ ਦਾ ਅੰਤਿਮ ਸਸਕਾਰ ਅਮਰੀਕਾ ਵਿਖੇ ਹੋ ਗਿਆ ਹੈ ਪਰ ਉਸ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਪੁਰਾਣਾ ਸ਼ਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ। ਜਿਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ 5 ਅਪ੍ਰੈਲ ਨੂੰ ਹੋਵੇਗੀ, ਜਿੱਥੇ ਇਲਾਕਾ ਨਿਵਾਸੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਦੱਸਣਯੋਗ ਹੈ ਕਿ ਜਦੋਂ ਚਰਨਜੀਤ ਸਿੰਘ ਸਿਰਫ ਇਕ ਸਾਲ ਦਾ ਸੀ ਤਾਂ ਉਸਦੇ ਪਿਤਾ ਦੀ ਮੌਤ ਹੋ ਗਈ ਸੀ। ਪਿਤਾ ਦੀ ਮੌਤ ਤੋਂ ਬਾਅਦ ਮਾਂ ਨੇ ਬਹੁਤ ਮੁਸ਼ਕਿਲਾਂ ਨਾਲ ਉਸ ਨੂੰ ਪਾਲਿਆ ਸੀ। ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਹ ਦੋ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
Author : ABP Sanjha

