Dailyhunt Logo
  • Light mode
    Follow system
    Dark mode
    • Play Story
    • App Story
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

ABP ਸਾਂਝਾ 3 months ago

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ ਟਲ ਗਿਆ, ਜਦੋਂ ਬੱਚਿਆਂ ਨਾਲ ਭਰੀ ਚਿਤਕਾਰਾ ਸਕੂਲ ਦੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਵਾਹਨਾਂ ਨਾਲ ਜਾ ਟਕਰਾਈ। ਹਾਦਸੇ ਦੌਰਾਨ ਬੱਸ ਨੇ ਕੁੱਲ 6 ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਖੁਸ਼ਕਿਸਮਤੀ ਨਾਲ ਬੱਸ ਵਿੱਚ ਸਵਾਰ ਕਰੀਬ 20 ਬੱਚਿਆਂ ਸਮੇਤ ਕਿਸੇ ਨੂੰ ਵੀ ਸੱਟ ਨਹੀਂ ਲੱਗੀ ਅਤੇ ਸਾਰੇ ਸੁਰੱਖਿਅਤ ਹਨ।

ਹਾਦਸੇ ਮਗਰੋਂ ਲੋਕਾਂ ਦਾ ਗੁੱਸਾ ਫੁੱਟਿਆ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮੁੱਢਲੀ ਜਾਣਕਾਰੀ ਅਨੁਸਾਰ ਬੱਸ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ, ਜਿਸ ਕਾਰਨ ਉਹ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨਾਲ ਟਕਰਾ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਟੱਕਰ ਦੀ ਜ਼ੋਰਦਾਰ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ। ਜਿਨ੍ਹਾਂ ਲੋਕਾਂ ਦੀਆਂ ਗੱਡੀਆਂ ਨੂੰ ਨੁਕਸਾਨ ਹੋਇਆ, ਉਨ੍ਹਾਂ ਨੇ ਗੁੱਸੇ ਵਿੱਚ ਬੱਸ ਡਰਾਈਵਰ ਨੂੰ ਮੌਕੇ 'ਤੇ ਹੀ ਰੋਕ ਲਿਆ।

ਸੂਚਨਾ ਮਿਲਦੇ ਹੀ ਚੰਡੀਮੰਦਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਹਾਲਾਤ ਨੂੰ ਕਾਬੂ ਵਿੱਚ ਕੀਤਾ। ਪੁਲਿਸ ਨੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦੂਜੀ ਬੱਸ ਰਾਹੀਂ ਬੱਚਿਆਂ ਨੂੰ ਭੇਜਿਆ ਸਕੂਲ, ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ

ਹਾਦਸੇ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਬੱਚਿਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਸਕੂਲ ਪਹੁੰਚਾਉਣ ਲਈ ਇੱਕ ਹੋਰ ਬੱਸ ਦਾ ਪ੍ਰਬੰਧ ਕੀਤਾ। ਇਸ ਦੌਰਾਨ ਕਿਸੇ ਵੀ ਬੱਚੇ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਹੋਇਆ।

ਬੱਸ ਡਰਾਈਵਰ ਦਾ ਦਾਅਵਾ ਹੈ ਕਿ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਇੱਕ ਵੱਡੀ ਚੇਤਾਵਨੀ ਵੀ ਹੈ ਕਿ ਸਕੂਲੀ ਵਾਹਨਾਂ ਦੀ ਸੁਰੱਖਿਆ ਅਤੇ ਡਰਾਈਵਿੰਗ ਮਿਆਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

Author : ਨੈਨਸੀ

Dailyhunt
Disclaimer: This content has not been generated, created or edited by Dailyhunt. Publisher: ABP Sanjha