Punjab Red Alert: ਪੰਜਾਬ ਪੁਲਿਸ ਪ੍ਰਸ਼ਾਸਨ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਰਡਰ ਰੇਂਜ ਦੇ ਸਮੂਹ ਜ਼ਿਲ੍ਹਿਆਂ ਵਿੱਚ ਅੱਜ ਦੁਪਹਿਰ 2:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਰੈੱਡ ਅਲਰਟ ਅਤੇ ਨਾਕਾਬੰਦੀ ਕੀਤੀ ਗਈ।
ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕ 'ਤੇ ਨਕੇਲ ਕੱਸਣਾ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੁਹਿੰਮ ਦੌਰਾਨ ਬਾਰਡਰ ਰੇਂਜ ਦੇ ਸਮੂਹ ਗਜ਼ਟਿਡ ਅਫ਼ਸਰਾਂ, ਐੱਸ.ਐੱਚ.ਓਜ਼ ਅਤੇ ਯੂਨਿਟ ਇੰਚਾਰਜਾਂ ਨੇ ਖੁਦ ਨਾਕਿਆਂ 'ਤੇ ਮੌਜੂਦ ਰਹਿ ਕੇ ਕਾਰਵਾਈ ਦੀ ਨਿਗਰਾਨੀ ਕੀਤੀ।
ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ
ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਅਹਿਮ ਥਾਵਾਂ 'ਤੇ ਰਣਨੀਤਕ ਢੰਗ ਨਾਲ ਨਾਕੇ ਲਗਾ ਕੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਦਾ ਮਕਸਦ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਬਾਰਡਰ ਰੇਂਜ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ।
Author : ਰੁਪਿੰਦਰ ਕੌਰ ਸੱਭਰਵਾਲ

