Wednesday, 03 Jun, 9.20 pm Babushahi

ਕਰੰਟ ਖਬਰਾਂ
ਕੋਰੋਨਾ ਵਾਇਰਸ ਨੂੰ ਹਰਾਉਣ ਤੇ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਹਰ ਪੰਜਾਬੀ ਪਾਵੇ ਯੋਗਦਾਨ - ਸੋਨੀ

ਜੀ ਐਸ ਪੰਨੂ

ਪਟਿਆਲਾ, 3 ਜੂਨ 2020 - ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ 'ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਇਰਲ ਰਿਸਰਚ ਅਤੇ ਡਾਇਆਗਨੌਸਟਿਕ ਲੈਬ 'ਚ 56 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਅਤੇ ਸੋਨੀ ਨੇ ਇਸੇ ਲੈਬ 'ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਨਵੀਂ ਅਤਿਆਧੁਨਿਕ ਤਕਨੀਕ ਵਾਲੀ ਪੂਰੀ ਤਰ੍ਹਾਂ ਸਵੈਚਾਲਤ ਮਸ਼ੀਨ ਐਮ.ਜੀ.ਆਈ.ਐਸ.ਪੀ. 960 ਦੀ ਵੀ ਸ਼ੁਰੂਆਤ ਕਰਵਾਈ, ਜਿਸ ਨਾਲ ਇੱਥੇ ਹੁਣ ਕੋਵਿਡ-19 ਦੇ ਰੋਜ਼ਾਨਾ ਕੀਤੇ ਜਾਣ ਵਾਲੇ ਟੈਸਟਾਂ ਦੀ ਗਿਣਤੀ ਨੂੰ 700 ਤੋਂ ਵਧਾ ਕੇ 3000 ਦੇ ਕਰੀਬ ਲਿਜਾਇਆ ਜਾਵੇਗਾ।

ਸੋਨੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ਵ ਵਿਆਪੀ ਮਹਾਂਮਾਰੀ ਕੋਰੋਨਾ ਨੂੰ ਠੱਲ ਪਾਉਣ ਲਈ ਦੇਸ਼ ਭਰ 'ਚ ਸਭ ਤੋਂ ਜ਼ਿਆਦਾ ਅਗਾਂਹਵਧੂ ਫੈਸਲੇ ਲੈਕੇ ਇਸ ਦੀ ਰੋਕਥਾਮ ਕੀਤੀ ਤਾਂ ਕਿ ਸਾਡੇ ਰਾਜ ਦੇ ਵਸਨੀਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਦੇਸ਼ ਭਰ 'ਚ ਸਭ ਤੋਂ ਪਹਿਲਾਂ ਪੰਜਾਬ ਦੇ ਮੈਡੀਕਲ ਕਾਲਜਾਂ 'ਚ ਵਿਦੇਸ਼ਾਂ ਤੋਂ ਮੰਗਵਾ ਕੇ ਅਤਿਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਜਿਸ ਨਾਲ ਹੁਣ ਪੰਜਾਬ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਟੈਸਟਾਂ ਦੀ ਸਮਰੱਥਾ 9000 ਦੇ ਕਰੀਬ ਹੋ ਗਈ ਹੈ ਅਤੇ ਇਸਨੂੰ ਹੋਰ ਵੀ ਵਧਾਇਆ ਜਾਵੇਗਾ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਹਿਲਾਂ ਕੋਰੋਨਾ ਵਾਇਰਸ ਦੇ ਟੈਸਟਾਂ ਲਈ ਨਮੂਨੇ ਪੰਜਾਬ ਤੋਂ ਪੂਨੇ ਭੇਜੇ ਜਾਂਦੇ ਸਨ ਪਰੰਤੂ ਸਰਕਾਰ ਵੱਲੋਂ ਪੰਜਾਬ ਦੇ ਮੈਡੀਕਲ ਕਾਲਜਾਂ ਪਟਿਆਲਾ, ਅੰਮ੍ਰਿਤਸਰ ਅਤੇ ਫ਼ਰੀਦਕੋਟ ਵਿਖੇ ਮਸ਼ੀਨਾਂ ਲਗਾਈਆਂ ਗਈਆਂ ਪਰੰਤੂ ਇਨ੍ਹਾਂ ਦੀ ਸਮਰੱਥਾ ਲੋੜ ਮੁਤਾਬਕ ਨਾ ਹੋਣ ਕਰਕੇ ਹੁਣ ਨਵੀਆਂ ਮਸ਼ੀਨਾਂ ਚਾਲੂ ਕੀਤੀਆਂ ਗਈਆਂ ਹਨ।

ਸੋਨੀ ਨੇ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ, ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਪਰਦੇ ਪਿੱਛੇ ਰਹਿ ਕੇ ਕੰਮ ਕਰਨ ਵਾਲੇ ਯੋਧਿਆਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾ ਰਹੀ ਹੈ, ਇਸ ਲਈ ਲੋਕ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਸਹਿਯੋਗ ਦੇਣ। ਉਨ੍ਹਾਂ ਜ਼ੋਰ ਦਿੱਤਾ ਕਿ ਲੋਕ ਕੋਵਿਡ-19 ਦੇ ਸਾਰੇ ਸੁਰੱਖਿਆ ਪ੍ਰੋਟੋਕੋਲਜ ਦੀ ਪਾਲਣਾ ਸਖ਼ਤੀ ਨਾਲ ਕਰਨ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕੇਗਾ।

ਆਪਣੇ ਵੀਡੀਓ ਸੰਦੇਸ਼ 'ਚ ਸ੍ਰੀਮਤੀ ਪਰਨੀਤ ਕੌਰ ਨੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਟੈਸਟਾਂ ਦੀ ਰੋਜ਼ਾਨਾ ਗਿਣਤੀ ਵਧਾਉਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਨੇ ਲੋਕ ਨਿਰਮਾਣ ਅਤੇ ਜਨ ਸਿਹਤ ਵਿਭਾਗ ਵੱਲੋਂ ਲਾਕ ਡਾਊਨ ਦੇ ਚਲਦਿਆਂ ਰਿਕਾਰਡ ਸਮੇਂ ਕੇਵਲ 20 ਦਿਨਾਂ 'ਚ ਲੈਬ ਦੀ ਮੁਰੰਮਤ ਕਰਕੇ ਇਸ ਦੀ ਸ਼ੁਰੂਆਤ ਕੀਤੇ ਜਾਣ ਲਈ ਮੈਡੀਕਲ ਕਾਲਜ ਦੇ ਡਾਕਟਰਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕੌਂਸਲਰ ਤੇ ਬਲਾਕ ਕਾਂਗਰਸ ਪ੍ਰਧਾਨ ਅਤੁਲ ਜੋਸ਼ੀ, ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. . ਮਨਦੀਪ ਸਿੰਘ ਸਿੱਧੂ, ਮੈਡੀਕਲ ਐਜੂਕੇਸ਼ਨ ਤੇ ਖੋਜ਼ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਕੁਮਾਰ ਪਾਂਡਵ, ਵੀ.ਆਰ.ਡੀ.ਐਲ. ਲੈਬ ਦੇ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਰੁਪਿੰਦਰ ਬਖ਼ਸ਼ੀ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Babushahi
Top