ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ 'ਤੇ ਅਮਰੀਕਾ ਨੇ ਲਾਏ ਹਨ ਗੰਭੀਰ ਦੋਸ਼
ਸਾਬਕਾ PM ਟਰੂਡੋ ਦੇ ਬਿਆਨ ਤੋਂ ਵਿਗੜੇ ਸਨ ਭਾਰਤ-ਕੈਨੇਡਾ ਸਬੰਧ
ਔਟਵਾ/ਵਾਸ਼ਿੰਗਟਨ: ਸਾਲ 2023 ਵਿੱਚ ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆਇਆ ਹੈ। ਕੈਨੇਡਾ ਦੀ ਸੰਘੀ ਪੁਲਿਸ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਦੀ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਹੁਣ ਤੱਕ ਦੀ ਜਾਂਚ ਦੌਰਾਨ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਨਾਲ ਇਹ ਸਾਬਤ ਹੋਵੇ ਕਿ ਭਾਰਤ ਸਰਕਾਰ ਦੇ ਕਿਸੇ ਅਧਿਕਾਰੀ ਦਾ ਨਿੱਝਰ ਦੇ ਕਤਲ ਨਾਲ ਕੋਈ ਸਿੱਧਾ ਸਬੰਧ ਸੀ।
ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਅਮਰੀਕਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਨਿੱਝਰ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ।
ਆਰਸੀਐੱਮਪੀ ਦੀ ਡਿਪਟੀ ਕਮਿਸ਼ਨਰ ਲੀਸਾ ਮੋਰਲੈਂਡ ਨੇ ਕੈਨੇਡਾ ਦੇ ਸਰਕਾਰੀ ਪ੍ਰਸਾਰਣ ਸੰਸਥਾਨ ਸੀਬੀਸੀ ਨਿਊਜ਼ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਾਂਚ ਟੀਮ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਨਾਲ ਇਹ ਸਾਬਤ ਹੋਵੇ ਕਿ ਭਾਰਤੀ ਸਰਕਾਰੀ ਅਧਿਕਾਰੀ ਇਸ ਕਤਲ ਵਿੱਚ ਸ਼ਾਮਲ ਸਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਦੀ ਸੰਗਠਿਤ ਅਪਰਾਧ ਨਾਲ ਜੁੜੀ ਜਾਂਚ ਅਤੇ ਅਦਾਲਤ ਵਿੱਚ ਦਾਇਰ ਦੋਸ਼-ਪੱਤਰਾਂ ਵਿੱਚ ਕਿਸੇ ਵੀ ਭਾਰਤੀ ਸਰਕਾਰੀ ਅਧਿਕਾਰੀ ਦਾ ਨਾਮ ਸਾਹਮਣੇ ਨਹੀਂ ਆਇਆ।
ਲੀਸਾ ਮੋਰਲੈਂਡ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਭਾਰਤ ਸਰਕਾਰ ਵੱਲੋਂ ਜਾਂਚ ਏਜੰਸੀਆਂ ਨੂੰ ਸਹਿਯੋਗ ਦਿੱਤਾ ਗਿਆ।
ਨਿੱਝਰ ਦੀ ਹੱਤਿਆ ਤੋਂ ਕੁਝ ਹਫ਼ਤਿਆਂ ਬਾਅਦ ਉਸ ਸਮੇਂ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਸੰਸਦ ਵਿੱਚ ਦਾਅਵਾ ਕੀਤਾ ਸੀ ਕਿ ਇਸ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸੰਭਾਵਿਤ ਭੂਮਿਕਾ ਹੋ ਸਕਦੀ ਹੈ। ਭਾਰਤ ਨੇ ਉਸ ਸਮੇਂ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਉਨ੍ਹਾਂ ਨੂੰ ਬੇਬੁਨਿਆਦ ਅਤੇ ਹਾਸੋਹੀਣੇ ਕਰਾਰ ਦਿੱਤਾ ਸੀ।
ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸੰਬੰਧਾਂ ਵਿੱਚ ਭਾਰੀ ਤਣਾਅ ਆ ਗਿਆ ਸੀ। ਭਾਰਤ ਨੇ ਕੈਨੇਡਾ 'ਤੇ ਦੋਸ਼ ਲਾਇਆ ਸੀ ਕਿ ਉਹ ਆਪਣੀ ਧਰਤੀ 'ਤੇ ਖਾਲਿਸਤਾਨੀ ਹਮਾਇਤੀਆਂ ਨੂੰ ਖੁੱਲ੍ਹ ਕੇ ਸਰਗਰਮ ਰਹਿਣ ਦੀ ਇਜਾਜ਼ਤ ਦੇ ਰਿਹਾ ਹੈ।
ਅਕਤੂਬਰ 2024 ਵਿੱਚ ਕੈਨੇਡਾ ਨੇ ਭਾਰਤ ਦੇ ਹਾਈ ਕਮਿਸ਼ਨਰ ਸਮੇਤ ਕੁਝ ਭਾਰਤੀ ਡਿਪਲੋਮੈਟਾਂ ਨੂੰ ਨਿੱਝਰ ਮਾਮਲੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੇ ਜਵਾਬ ਵਿੱਚ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਅਤੇ ਕੈਨੇਡਾ ਦੇ ਬਰਾਬਰ ਗਿਣਤੀ ਵਾਲੇ ਡਿਪਲੋਮੈਟਾਂ ਨੂੰ ਵੀ ਦੇਸ਼ ਛੱਡਣ ਲਈ ਕਿਹਾ।
ਬਾਅਦ ਵਿੱਚ ਕੈਨੇਡਾ ਵਿੱਚ ਮਾਰਕ ਕਾਰਨੀ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸੰਬੰਧਾਂ ਵਿੱਚ ਹੌਲੀ-ਹੌਲੀ ਸੁਧਾਰ ਆਉਣਾ ਸ਼ੁਰੂ ਹੋਇਆ। ਦੋਵਾਂ ਦੇਸ਼ਾਂ ਨੇ ਮੁੜ ਇੱਕ-ਦੂਜੇ ਦੀਆਂ ਰਾਜਧਾਨੀਆਂ ਵਿੱਚ ਆਪਣੇ ਹਾਈ ਕਮਿਸ਼ਨਰ ਨਿਯੁਕਤ ਕੀਤੇ ਅਤੇ ਕਈ ਖੇਤਰਾਂ ਵਿੱਚ ਸਹਿਯੋਗ ਵਧਾਉਣ 'ਤੇ ਸਹਿਮਤੀ ਬਣੀ।
ਇਸੇ ਦੌਰਾਨ ਅਮਰੀਕੀ ਨਿਆਂ ਵਿਭਾਗ ਨੇ 'ਆਪਰੇਸ਼ਨ ਹਾਰਡਬਾਲ' ਤਹਿਤ ਅਮਰੀਕਾ, ਕੈਨੇਡਾ ਅਤੇ ਯੂਰਪ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਵੱਡੀ ਕਾਰਵਾਈ ਕੀਤੀ।
ਇਸ ਮੁਹਿੰਮ ਦੌਰਾਨ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 37 ਮੁਲਜ਼ਮਾਂ ਖ਼ਿਲਾਫ਼ ਤਿੰਨ ਵੱਖ-ਵੱਖ ਦੋਸ਼-ਪੱਤਰ ਦਾਇਰ ਕੀਤੇ ਗਏ ਹਨ। ਇਨ੍ਹਾਂ ਵਿੱਚ ਉਹ ਦੋ ਮੁੱਖ ਗੈਂਗ ਆਗੂ ਵੀ ਸ਼ਾਮਲ ਹਨ, ਜੋ ਭਾਰਤ ਦੀਆਂ ਜੇਲ੍ਹਾਂ ਵਿੱਚ ਰਹਿੰਦੇ ਹੋਏ ਕਥਿਤ ਤੌਰ 'ਤੇ ਆਪਣੇ ਅਪਰਾਧਿਕ ਗਿਰੋਹ ਚਲਾ ਰਹੇ ਸਨ।
ਅਮਰੀਕੀ ਅਧਿਕਾਰੀਆਂ ਦਾ ਦੋਸ਼ ਹੈ ਕਿ ਇਹ ਗਿਰੋਹ ਕਤਲ, ਜਬਰੀ ਵਸੂਲੀ, ਨਸ਼ਿਆਂ ਦੀ ਤਸਕਰੀ, ਅਗਵਾ ਅਤੇ ਹੋਰ ਅੰਤਰਰਾਸ਼ਟਰੀ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ।
ਅਮਰੀਕੀ ਸਰਕਾਰੀ ਵਕੀਲ ਬਿਲਾਲ ਏ. ਐੱਸੇ ਨੇ ਦੱਸਿਆ ਕਿ ਦੋਸ਼-ਪੱਤਰ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਉੱਤੇ 2023 ਵਿੱਚ ਕੈਨੇਡਾ ਵਿੱਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਯੋਜਨਾ ਬਣਾਉਣ ਅਤੇ ਇਸ ਨੂੰ ਅੰਜਾਮ ਦਿਵਾਉਣ ਦੇ ਦੋਸ਼ ਲਗਾਏ ਗਏ ਹਨ।
ਇਸ ਦੇ ਨਾਲ ਹੀ ਅਮਰੀਕੀ ਜਾਂਚ ਏਜੰਸੀ ਐੱਫਬੀਆਈ (FBI) ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਜਾਂ ਉਸ ਬਾਰੇ ਪੱਕੀ ਜਾਣਕਾਰੀ ਦੇਣ ਵਾਲੇ ਲਈ 50 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਵੀ ਐਲਾਨ ਕੀਤਾ ਹੈ।
ਆਰਸੀਐੱਮਪੀ ਦੇ ਕਮਿਸ਼ਨਰ ਮਾਈਕ ਡੁਹੇਮ ਨੇ ਕਿਹਾ ਕਿ ਇਸ ਸਾਂਝੀ ਕਾਰਵਾਈ ਰਾਹੀਂ ਅਜਿਹੇ ਸੰਗਠਿਤ ਅਪਰਾਧੀ ਗਿਰੋਹਾਂ ਦੀਆਂ ਸਰਗਰਮੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ, ਜੋ ਕਤਲ, ਹਿੰਸਾ, ਡਰ ਅਤੇ ਜਬਰੀ ਵਸੂਲੀ ਰਾਹੀਂ ਲੋਕਾਂ ਨੂੰ ਧਮਕਾਉਂਦੇ ਅਤੇ ਕਾਬੂ ਵਿੱਚ ਰੱਖਦੇ ਸਨ।
ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਭਵਿੱਖ ਵਿੱਚ ਵੀ ਅਜਿਹੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਮਿਲ ਕੇ ਕਾਰਵਾਈ ਜਾਰੀ ਰੱਖਣਗੀਆਂ।
ਇੱਥੇ ਦੱਸ ਦੇਈਏ ਕਿ ਸਰਕਾਰੀ ਰਿਕਾਰਡਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਕਥਿਤ ਤੌਰ ਉਤੇ 'ਖਾਲਿਸਤਾਨ ਟਾਈਗਰ ਫੋਰਸ' (KTF) ਦਾ ਮੁਖੀ ਸੀ। ਭਾਰਤ ਸਰਕਾਰ ਨੇ ਉਸ ਨੂੰ ਪਹਿਲਾਂ ਹੀ ਅੱਤਵਾਦੀ ਐਲਾਨ ਕੀਤਾ ਹੋਇਆ ਸੀ। ਜੂਨ 2023 ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸੰਬੰਧਾਂ ਵਿੱਚ ਲੰਬੇ ਸਮੇਂ ਤੱਕ ਤਣਾਅ ਬਣਿਆ ਰਿਹਾ।
ਔਟਵਾ/ਵਾਸ਼ਿੰਗਟਨ: ਸਾਲ 2023 ਵਿੱਚ ਕੈਨੇਡਾ ਵਿੱਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆਇਆ ਹੈ। ਕੈਨੇਡਾ ਦੀ ਸੰਘੀ ਪੁਲਿਸ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਦੀ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਹੁਣ ਤੱਕ ਦੀ ਜਾਂਚ ਦੌਰਾਨ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਨਾਲ ਇਹ ਸਾਬਤ ਹੋਵੇ ਕਿ ਭਾਰਤ ਸਰਕਾਰ ਦੇ ਕਿਸੇ ਅਧਿਕਾਰੀ ਦਾ ਨਿੱਝਰ ਦੇ ਕਤਲ ਨਾਲ ਕੋਈ ਸਿੱਧਾ ਸਬੰਧ ਸੀ।

