Dailyhunt

ਧਮਾਕਾ ਕੇਸ 'ਚ ਸ਼ੱਕੀ ਦਾ ਭਰਾ ਚੁੱਕਿਆ!

ਚੰਡੀਗੜ੍ਹ : ਇੱਥੇ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸ਼ੁੱਕਰਵਾਰ ਤੜਕਸਾਰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਇਲਾਕੇ ਦੇ ਪਿੰਡ ਰਤਨਗੜ੍ਹ ਵਿੱਚ ਦੋ ਸ਼ੱਕੀ ਮੁਲਜ਼ਮਾਂ ਦੇ ਘਰ ਛਾਪੇਮਾਰੀ ਕੀਤੀ। ਹਾਲਾਂਕਿ ਪੁਲਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ, ਪਰ ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਮੁਲਜ਼ਮ ਗੁਰਤੇਜ ਸਿੰਘ ਦੇ ਭਰਾ ਗੁਰਜੰਟ ਸਿੰਘ ਨੂੰ ਸਵੇਰੇ ਹਿਰਾਸਤ ਵਿੱਚ ਲਿਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਇਹ ਛਾਪੇਮਾਰੀ ਇਸ ਲਈ ਕੀਤੀ ਗਈ ਕਿਉਂਕਿ ਪੁਲਸ ਨੂੰ ਸ਼ੱਕ ਸੀ ਕਿ ਗੁਰਤੇਜ ਸਿੰਘ (ਜੋ ਕਿ ਰੈਪਿਡੋ ਬਾਈਕ ਰਾਈਡਰ ਸੀ) ਇਸ ਧਮਾਕੇ ਵਿੱਚ ਸ਼ਾਮਲ ਸੀ। ਗੁਰਤੇਜ ਸਿੰਘ ਦੇ ਭਰਾ ਗੁਰਜੰਟ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦੇ ਪਤੀ ਦਾ ਗੁਰਤੇਜ ਨਾਲ ਕੋਈ ਸੰਬੰਧ ਨਹੀਂ ਹੈ, ਪਰ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁਰਤੇਜ ਸਿੰਘ ਦੀ ਮਾਂ ਨੇ ਦੱਸਿਆ ਕਿ ਪਰਵਾਰ ਪਿਛਲੇ 3-4 ਸਾਲਾਂ ਤੋਂ ਗੁਰਤੇਜ ਸਿੰਘ ਦੇ ਸੰਪਰਕ ਵਿੱਚ ਨਹੀਂ ਸੀ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਬਿਨਾਂ ਕਾਰਨ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਉਸ ਨੇ ਕਿਹਾ ਕਿ ਉਸ ਨੂੰ ਪਿਛਲੀ ਵਾਰ ਲੋਕਾਂ ਤੋਂ ਪਤਾ ਲੱਗਾ ਸੀ ਕਿ ਉਸ ਦਾ ਬੇਟਾ ਗੁਰਤੇਜ ਸਿੰਘ ਚੰਡੀਗੜ੍ਹ ਵਿੱਚ ਰੈਪਿਡੋ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਜੇ ਉਸ ਨੇ ਕੁਝ ਗਲਤ ਕੀਤਾ ਹੈ ਤਾਂ ਪੁਲਸ ਉਸ ਨੂੰ ਗ੍ਰਿਫਤਾਰ ਕਰੇ ਪਰ ਪਰਵਾਰ ਦੇ ਹੋਰ ਮੈਂਬਰਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

Dailyhunt
Disclaimer: This content has not been generated, created or edited by Dailyhunt. Publisher: Daily Nawan Zamana