ਜਲੰਧਰ (ਸ਼ੈਲੀ ਐਲਬਰਟ) ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਕਮਿਸ਼ਨ ਨੇ ਚੋਣ ਪ੍ਰਕਿਰਿਆ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਵਿਆਪਕ ਪ੍ਰਸ਼ਾਸਕੀ ਅਤੇ ਸੁਰੱਖਿਆ ਪ੍ਰਬੰਧ ਕੀਤੇ ਹਨ। ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਰਾਜ ਭਰ ਵਿੱਚ 70 ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਨ੍ਹਾਂ ਵਿੱਚ 35,500 ਪੁਲਸ ਮੁਲਾਜ਼ਮ ਅਤੇ 35,500 ਪ੍ਰਸ਼ਾਸਨਕ ਮੁਲਾਜ਼ਮ ਸ਼ਾਮਲ ਹਨ।
ਰਾਜ ਚੋਣ ਕਮਿਸ਼ਨ ਅਨੁਸਾਰ, ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਪ੍ਰਤੀ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਸੰਵੇਦਨਸ਼ੀਲ ਅਤੇ ਅੱਤ-ਸੰਵੇਦਨਸ਼ੀਲ ਬੂਥਾਂ 'ਤੇ ਵਾਧੂ ਪੁਲਸ ਬਲ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਫਲਾਇੰਗ ਸਕੁਐਡ, ਵੀਡੀਓ ਨਿਗਰਾਨ ਟੀਮਾਂ ਅਤੇ ਸਟੈਟਿਕ ਨਿਗਰਾਨੀ ਟੀਮਾਂ ਨੂੰ ਸਰਗਰਮ ਕੀਤਾ ਗਿਆ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਜਾਂ ਕਿਸੇ ਹੋਰ ਬੇਨੇਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਕਮਿਸ਼ਨ ਨੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਬਿਜਲੀ, ਪੀਣ ਵਾਲੇ ਪਾਣੀ, ਬੈਠਣ ਦੀਆਂ ਸਹੂਲਤਾਂ ਅਤੇ ਸੁਰੱਖਿਆ ਸਮੇਤ ਵਿਆਪਕ ਪ੍ਰਬੰਧ ਕੀਤੇ ਜਾਣ।
ਕਮਿਸ਼ਨ ਅਨੁਸਾਰ ਨਗਰ ਨਿਗਮ ਚੋਣਾਂ ਲਈ 7,555 ਉਮੀਦਵਾਰ ਮੈਦਾਨ ਵਿੱਚ ਹਨ। ਇਸ ਵਿੱਚ ਆਮ ਆਦਮੀ ਪਾਰਟੀ ਦੇ 1,801, ਕਾਂਗਰਸ ਦੇ 1,550, ਭਾਜਪਾ ਦੇ 1,316, ਸ਼੍ਰੋਮਣੀ ਅਕਾਲੀ ਦਲ ਦੇ 1,251 ਅਤੇ ਬਹੁਜਨ ਸਮਾਜ ਪਾਰਟੀ ਦੇ 96 ਉਮੀਦਵਾਰ ਸ਼ਾਮਲ ਹਨ। ਇਸ ਤੋਂ ਇਲਾਵਾ, 1,528 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ, ਜਦੋਂ ਕਿ 13 ਉਮੀਦਵਾਰ ਹੋਰ ਰਾਜਨੀਤਕ ਪਾਰਟੀਆਂ ਨਾਲ ਸੰਬੰਧਤ ਹਨ।
ਵੋਟਿੰਗ ਬੈਲੇਟ ਪੇਪਰਾਂ ਨਾਲ ਹੀ
ਨਵੀਂ ਦਿੱਲੀ. (ਨ ਜ਼ ਸ)- ਸੁਪਰੀਮ ਕੋਰਟ ਨੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਪੰਜਾਬ ਰਾਜ ਚੋਣ ਕਮਿਸ਼ਨ ਦੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਬੈਲੇਟ ਪੇਪਰਾਂ ਰਾਹੀਂ ਕਰਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 22 ਮਈ ਨੂੰ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਨਿਗਮ ਤੇ ਕੌਂਸਲ ਚੋਣਾਂ ਬੈਲੇਟ ਪੇਪਰਾਂ ਨਾਲ ਕਰਾਏ ਜਾਣ ਬਾਰੇ ਫੈਸਲਾ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪੜਾਅ 'ਤੇ ਚੋਣ ਪ੍ਰਕਿਰਿਆ ਨੂੰ ਅਸਥਿਰ ਨਹੀਂ ਕੀਤਾ ਜਾ ਸਕਦਾ।
4 ਨਗਰ ਕੌਂਸਲਾਂ ਦੀਆਂ ਚੋਣਾਂ 10 ਨੂੰ
ਚੰਡੀਗੜ੍ਹ (ਗੁਰਜੀਤ ਬਿੱਲਾ)- ਪੰਜਾਬ ਰਾਜ ਚੋਣ ਕਮਿਸ਼ਨ ਨੇ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਕਰਾਉਣ ਦਾ ਐਲਾਨ ਕੀਤਾ ਹੈ। ਨਾਮਜ਼ਦਗੀਆਂ 28 ਮਈ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਨਾਮਜ਼ਦਗੀਆਂ ਦੀ ਆਖਰੀ ਮਿਆਦ 1 ਜੂਨ ਦੁਪਹਿਰ 3 ਵਜੇ ਤੱਕ ਹੋਵੇਗੀ। ਵੋਟਾਂ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ ਵੋਟਾਂ ਪੈਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।

