ਬਰਨਾਲਾ, 01 ਜੂਨ (ਹਿੰ.ਸ.)| ਬਰਨਾਲਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਜਾਰੀ ਨਾ ਹੋਣ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਕਲਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਰੀਬ ਇੱਕ ਹਫ਼ਤੇ ਤੋਂ ਚੱਲ ਰਹੇ ਇਸ ਸੰਘਰਸ਼ ਦੌਰਾਨ ਮੁਲਾਜ਼ਮਾਂ ਨੇ ਦਫ਼ਤਰ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਤਾਲੇ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।
ਹੜਤਾਲ ਮੁਲਾਜ਼ਮਾਂ ਰਾਜ ਕੁਮਾਰ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਰਚ 2026 ਤੋਂ ਤਨਖ਼ਾਹ ਨਹੀਂ ਮਿਲੀ। ਤਨਖ਼ਾਹਾਂ ਰੁਕਣ ਕਾਰਨ ਘਰੇਲੂ ਖਰਚੇ ਚਲਾਉਣ ਵਿੱਚ ਭਾਰੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਦਾਖ਼ਲਿਆਂ ਲਈ ਵੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਅਤੇ ਘਰ ਦਾ ਗੁਜ਼ਾਰਾ ਉਧਾਰ ਲੈ ਕੇ ਚਲਾਉਣਾ ਪੈ ਰਿਹਾ ਹੈ।
ਮੁਲਾਜ਼ਮਾਂ ਅਨੁਸਾਰ ਤਨਖ਼ਾਹਾਂ ਰੁਕਣ ਦਾ ਮੁੱਖ ਕਾਰਨ ਇੱਕ ਅਦਾਲਤੀ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਇੱਕ ਕੇਸ ਵਿੱਚ 31.50 ਲੱਖ ਰੁਪਏ ਦੇ ਮੁਆਵਜ਼ੇ ਦੀ ਅਦਾਇਗੀ ਲਈ ਪੰਚਾਇਤ ਸਮਿਤੀ ਬਰਨਾਲਾ ਦਾ ਖਾਤਾ ਅਦਾਲਤ ਅੱਗੇ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਵਲ ਅਦਾਲਤ ਨੇ ਖਾਤੇ 'ਤੇ ਰੋਕ ਲਗਾ ਦਿੱਤੀ, ਜਿਸ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਅਟਕ ਗਈਆਂ ਹਨ।
ਹੜਤਾਲ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਕੋਈ ਬਦਲਵਾਂ ਹੱਲ ਨਹੀਂ ਲੱਭਿਆ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹ ਨਾ ਮਿਲਣ ਕਾਰਨ ਕਈ ਪਰਿਵਾਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਬਿਮਾਰ ਪਰਿਵਾਰਕ ਮੈਂਬਰਾਂ ਦੇ ਇਲਾਜ 'ਤੇ ਵੀ ਅਸਰ ਪੈ ਰਿਹਾ ਹੈ।
ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜਿਨ੍ਹਾਂ ਪਰਿਵਾਰਾਂ ਵਿੱਚ ਗੰਭੀਰ ਅਤੇ ਲੰਬੇ ਸਮੇਂ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਮੈਂਬਰ ਹਨ, ਉਨ੍ਹਾਂ ਦੇ ਇਲਾਜ ਅਤੇ ਦਵਾਈਆਂ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਜੇਕਰ ਕਿਸੇ ਪਰਿਵਾਰਕ ਮੈਂਬਰ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਅਤੇ ਦਫ਼ਤਰਾਂ 'ਤੇ ਤਾਲਾਬੰਦੀ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH
