ਅੰਮ੍ਰਿਤਸਰ, 07 ਜੁਲਾਈ (ਹਿੰ.ਸ.)| ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਅਹਿਮ ਮੀਟਿੰਗ ਲੋਕ ਸਭਾ ਮੈਂਬਰ ਅਤੇ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਹੋਈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-2 ਅਲਕਾ ਕਾਲੀਆ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਪਿਛਲੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਹਰ ਰੋਜ਼ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਆਸਥਾ ਦਾ ਕੇਂਦਰ ਹੈ, ਇਸ ਲਈ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਨੂੰ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਡੰਪ ਸਾਈਟ 'ਤੇ ਬਾਇਓ-ਰੈਮੀਡੀਏਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਿੱਚ ਝੁੱਗੀ-ਝੌਂਪੜੀਆਂ ਦੇ ਨਾਂ 'ਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਉਣ ਲਈ ਵੀ ਕਿਹਾ।
ਮੀਟਿੰਗ ਵਿੱਚ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ 'ਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ ਗਈ। ਲੋਕ ਸਭਾ ਮੈਂਬਰ ਨੇ ਸਿਹਤ ਵਿਭਾਗ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ 'ਤੇ ਜ਼ੋਰ ਦਿੰਦਿਆਂ ਗੁਰਜੀਤ ਸਿੰਘ ਔਜਲਾ ਨੇ ਲੋਕ ਨਿਰਮਾਣ ਵਿਭਾਗ ਨੂੰ ਸਾਰੇ ਮੁੱਖ ਚੌਕਾਂ ਅਤੇ ਸੜਕਾਂ 'ਤੇ ਦਿਸ਼ਾ-ਸੂਚਕ ਬੋਰਡ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਸੜਕਾਂ ਦੀ ਮੁਰੰਮਤ ਜਾਂ ਨਿਰਮਾਣ ਦਾ ਕੰਮ ਚੱਲ ਰਿਹਾ ਹੋਵੇ, ਉੱਥੇ ਘੱਟੋ-ਘੱਟ 500 ਮੀਟਰ ਪਹਿਲਾਂ ਚੇਤਾਵਨੀ ਬੋਰਡ ਲਗਾਉਣਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਾਰਨ ਕੋਈ ਹਾਦਸਾ ਵਾਪਰਨ 'ਤੇ ਸਬੰਧਤ ਅਧਿਕਾਰੀ ਅਤੇ ਠੇਕੇਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡ੍ਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਸਰਬ ਸਿੱਖਿਆ ਅਭਿਆਨ ਸਮੇਤ ਕੇਂਦਰ ਅਤੇ ਰਾਜ ਸਰਕਾਰ ਦੀਆਂ ਹੋਰ ਯੋਜਨਾਵਾਂ ਦੀ ਪ੍ਰਗਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਸਾਰੇ ਵਿਭਾਗਾਂ ਵਿਚਾਲੇ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH

