ਗੁਰਦਾਸਪੁਰ, 08 ਜੁਲਾਈ (ਹਿੰ.ਸ.)| ਗੁਰਦਾਸਪੁਰ ਦੇ ਗਾਲਹੜੀ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਲਿੰਦਰ ਸਿੰਘ (50), ਪੁੱਤਰ ਚਰਨ ਸਿੰਘ, ਵਾਸੀ ਪਿੰਡ ਗੰਜੀ, ਆਪਣੀ ਪਤਨੀ ਨਾਲ ਗਾਲਹੜੀ ਬੈਂਕ ਵਿੱਚ ਕੰਮ ਨਿਬੇੜ ਕੇ ਸਕੂਟਰੀ ਰਾਹੀਂ ਵਾਪਸ ਘਰ ਪਰਤ ਰਹੇ ਸਨ।
ਜਦੋਂ ਉਹ ਪਿੰਡ ਜੀਵਨਚੱਕ ਸੈਲਰ ਦੇ ਗੇਟ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਟੱਕਰ ਇੰਨੀ ਭਿਆਨਕ ਸੀ ਕਿ ਸਲਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਇਕੱਠੇ ਹੋਏ ਸਥਾਨਕ ਲੋਕਾਂ ਨੇ ਤੁਰੰਤ 108 ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਜ਼ਖ਼ਮੀ ਮਹਿਲਾ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਅਤੇ ਟਿੱਪਰ ਚਾਲਕ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH
