Dailyhunt Logo
  • Light mode
    Follow system
    Dark mode
    • Play Story
    • App Story
ਹੜ੍ਹ ਤਿਆਰੀਆਂ ਵਿੱਚ ਕੋਈ ਢਿੱਲ ਨਹੀਂ ਬਰਦਾਸ਼ਤ ਕੀਤੀ ਜਾਵੇਗੀ: ਡੀਸੀ ਹਿਮਾਂਸ਼ੂ ਜੈਨ

ਹੜ੍ਹ ਤਿਆਰੀਆਂ ਵਿੱਚ ਕੋਈ ਢਿੱਲ ਨਹੀਂ ਬਰਦਾਸ਼ਤ ਕੀਤੀ ਜਾਵੇਗੀ: ਡੀਸੀ ਹਿਮਾਂਸ਼ੂ ਜੈਨ

ਮਾਨਸੂਨ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਤੇਜ਼ੀ, ਹਰ ਸਬ-ਡਿਵੀਜ਼ਨ ਵਿੱਚ ਬਣਨਗੀਆਂ ਕਿਊਆਰਟੀ ਟੀਮਾਂ

ਲੁਧਿਆਣਾ, 01 ਜੂਨ (ਹਿੰ.ਸ.)| ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਤੇਜ਼ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਹਰ ਸਬ-ਡਿਵੀਜ਼ਨ ਵਿੱਚ ਕੁਇੱਕ ਰਿਸਪਾਂਸ ਟੀਮਾਂ (ਕਿਊਆਰਟੀ) ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ, ਜੋ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਗਰਾਨੀ ਕਰਨ, ਮੌਕ ਡਰਿੱਲਾਂ ਕਰਵਾਉਣ, ਸੀਵਰੇਜ ਟਰੀਟਮੈਂਟ ਪਲਾਂਟਾਂ (ਐਸਟੀਪੀ) ਦੀ ਕਾਰਗੁਜ਼ਾਰੀ ਯਕੀਨੀ ਬਣਾਉਣ, ਬੁੱਢਾ ਦਰਿਆ ਦੀ ਡੀ-ਸਿਲਟਿੰਗ ਅਤੇ ਰਾਸ਼ਟਰੀ ਮਾਰਗਾਂ, ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਨਾਲ ਲੱਗਦੇ ਸੀਵਰੇਜ ਸਿਸਟਮ ਅਤੇ ਡਰੇਨਾਂ ਦੀ ਜਾਂਚ ਕਰਨਗੀਆਂ।

ਹੜ੍ਹ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੰਪਲਾਇੰਸ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ।

ਡੀਸੀ ਨੇ ਕਿਹਾ ਕਿ ਕਿਊਆਰਟੀ ਟੀਮਾਂ ਵਿੱਚ ਭਾਰਤੀ ਫੌਜ, ਐਨਡੀਆਰਐਫ, ਐਸਡੀਆਰਐਫ, ਡਰੇਨੇਜ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਵਿਭਾਗ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੀਐੱਸਪੀਸੀਐੱਲ, ਮਨਰੇਗਾ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਐਨਐੱਚਏਆਈ ਅਤੇ ਹੋਰ ਸਬੰਧਤ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹੋਣਗੇ।

ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਸਤਲੁਜ ਦਰਿਆ ਦੇ ਸਾਰੇ ਸੰਵੇਦਨਸ਼ੀਲ ਸਥਾਨਾਂ, ਬੁੱਢਾ ਦਰਿਆ ਦੇ ਅੱਪਸਟ੍ਰੀਮ ਅਤੇ ਡਾਊਨਸਟ੍ਰੀਮ ਖੇਤਰਾਂ ਸਮੇਤ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੀ ਜਲਦ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹੜ੍ਹ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਰਿਪੋਰਟਾਂ ਸਮੇਂ ਸਿਰ ਜਮ੍ਹਾਂ ਕਰਵਾਉਣੀਆਂ ਹੋਣਗੀਆਂ।

ਮੀਟਿੰਗ ਦੌਰਾਨ ਨਗਰ ਨਿਗਮ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਐਨਐੱਚਏਆਈ ਨੂੰ ਵਾਹਨ ਅੰਡਰਪਾਸ (ਵੀਯੂਪੀ) ਅਤੇ ਰੋਡ ਅੰਡਰ ਬ੍ਰਿਜ (ਆਰਯੂਬੀ) ਦੀ ਜਾਂਚ ਕਰਨ ਅਤੇ ਪਾਣੀ ਕੱਢਣ ਵਾਲੀਆਂ ਮੋਟਰਾਂ ਨੂੰ ਪੂਰੀ ਤਰ੍ਹਾਂ ਚਾਲੂ ਹਾਲਤ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਬਰਸਾਤ ਦੌਰਾਨ ਇਕੱਠੇ ਹੋਣ ਵਾਲੇ ਪਾਣੀ ਨੂੰ ਤੁਰੰਤ ਬਾਹਰ ਕੱਢਿਆ ਜਾ ਸਕੇ।

ਸਿਹਤ ਵਿਭਾਗ ਨੂੰ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਦਵਾਈਆਂ ਦਾ ਲੋੜੀਂਦਾ ਭੰਡਾਰ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦਕਿ ਜਲ ਸਪਲਾਈ ਵਿਭਾਗ ਨੂੰ ਸੰਭਾਵਿਤ ਹੜ੍ਹ ਸਥਿਤੀ ਦੌਰਾਨ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਪੂਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰੇ ਅਤੇ ਵੈਟਰਨਰੀ ਦਵਾਈਆਂ ਦਾ ਲੋੜੀਂਦਾ ਸਟਾਕ ਪਹਿਲਾਂ ਹੀ ਯਕੀਨੀ ਬਣਾਉਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸਥਿਤੀ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਸਾਰੇ ਵਿਭਾਗ ਪੂਰੀ ਤਿਆਰੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਏਡੀਸੀ ਪੂਨਮ ਸਿੰਘ, ਅਮਿਤ ਬੈਂਬੀ, ਡਾ. ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਜਸਲੀਨ ਕੌਰ ਭੁੱਲਰ, ਉਪਿੰਦਰਜੀਤ ਕੌਰ ਬਰਾੜ, ਪ੍ਰੀਤ ਇੰਦਰ ਬੈਂਸ, ਖੁਸ਼ਪ੍ਰੀਤ ਸਿੰਘ, ਜੁਆਇੰਟ ਕਮਿਸ਼ਨਰ ਵਿਨੀਤ ਕੁਮਾਰ, ਤਪਨ ਭਨੋਟ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi