ਮੋਹਾਲੀ, 04 ਮਈ (ਹਿੰ.ਸ.)| ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦਾ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਭਰ ਵਿੱਚ 3100 ਆਧੁਨਿਕ ਖੇਡ ਮੈਦਾਨ ਤਿਆਰ ਕਰਨ ਦੀ ਯੋਜਨਾ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ। ਇਸ ਯੋਜਨਾ ਤਹਿਤ ਅੱਜ 250 ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ, ਜਦਕਿ ਬਾਕੀ ਮੈਦਾਨ 15 ਜੁਲਾਈ ਤੱਕ ਪੜਾਅਵਾਰ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਸਿਰਫ਼ ਖੇਡ ਮੈਦਾਨ ਹੀ ਨਹੀਂ ਬਣਾ ਰਹੀ, ਸਗੋਂ ਨੌਜਵਾਨਾਂ ਨੂੰ ਮੁਫਤ ਸਿਖਲਾਈ, ਖੇਡ ਸਾਮਾਨ ਅਤੇ ਤਜਰਬੇਕਾਰ ਕੋਚ ਵੀ ਉਪਲਬਧ ਕਰਵਾ ਰਹੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ &dhapos;ਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਖੇਡਾਂ ਲਈ ਬਜਟ ਨੂੰ ਪਹਿਲਾਂ ਦੇ 200 ਕਰੋੜ ਤੋਂ ਵਧਾ ਕੇ 1790 ਕਰੋੜ ਰੁਪਏ ਕੀਤਾ ਗਿਆ ਹੈ। ਇਸ ਤੋਂ ਇਲਾਵਾ &dhapos;ਖੇਡਾਂ ਵਤਨ ਪੰਜਾਬ ਦੀਆਂ&dhapos; ਰਾਹੀਂ ਲੱਖਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ। ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਅਤੇ ਏਸ਼ੀਆਈ ਖੇਡਾਂ ਲਈ ਖਿਡਾਰੀਆਂ ਨੂੰ ਲੱਖਾਂ ਰੁਪਏ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ 3100 ਖੇਡ ਮੈਦਾਨ 1250 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 250 ਮੈਦਾਨ ਅੱਜ ਸਮਰਪਿਤ ਕੀਤੇ ਗਏ ਹਨ, ਜਦਕਿ 15 ਮਈ ਨੂੰ 500, 31 ਮਈ ਨੂੰ 250, 15 ਜੂਨ ਨੂੰ 500, 30 ਜੂਨ ਨੂੰ 1000 ਅਤੇ 15 ਜੁਲਾਈ ਨੂੰ 600 ਮੈਦਾਨ ਲੋਕਾਂ ਨੂੰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਕੋਚ ਨਿਯੁਕਤ ਕੀਤੇ ਜਾਣਗੇ ਅਤੇ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ। ਮੈਦਾਨਾਂ ਦੀ ਦੇਖਭਾਲ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਇਹ ਸਹੂਲਤਾਂ ਲੰਮੇ ਸਮੇਂ ਤੱਕ ਚਲਦੀਆਂ ਰਹਿਣ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਮਿਲ ਰਹੀ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਉਹ ਆਪਣੇ ਭਵਿੱਖ ਵੱਲ ਧਿਆਨ ਕੇਂਦਰਿਤ ਕਰਦੇ ਹਨ। ਰਵਾਇਤੀ ਖੇਡਾਂ ਨੂੰ ਮੁੜ ਜਗਾਉਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਲਾ ਰਾਏਪੁਰ ਖੇਡਾਂ ਨੂੰ ਦੁਬਾਰਾ ਮਾਣ ਮਿਲ ਰਿਹਾ ਹੈ ਅਤੇ ਪੰਜਾਬ ਵਿੱਚ ਰਵਾਇਤੀ ਖੇਡ ਸੱਭਿਆਚਾਰ ਫਿਰ ਤੋਂ ਜ਼ਿੰਦਾ ਹੋ ਰਿਹਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਮਹਿਲਾ ਖਿਡਾਰੀਆਂ ਨਾਲ ਵਾਲੀਬਾਲ ਵੀ ਖੇਡੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਢਾਂਚਾ ਨਹੀਂ, ਸਗੋਂ ਇੱਕ ਮਜ਼ਬੂਤ ਖੇਡ ਸੱਭਿਆਚਾਰ ਪੈਦਾ ਕਰਨਾ ਹੈ ਜੋ ਪਿੰਡ-ਪਿੰਡ ਤੱਕ ਪਹੁੰਚੇ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਕਈ ਅਧਿਕਾਰੀ ਅਤੇ ਸਥਾਨਕ ਲੋਕ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH

