ਫਾਜ਼ਿਲਕਾ, 02 ਜੂਨ (ਹਿੰ.ਸ.)। ਸੇਵਾ ਕੇਂਦਰ ਯੂਨੀਅਨ ਫਾਜ਼ਿਲਕਾ ਦੇ ਮੁਲਾਜਮ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ &dhapos;ਤੇ ਹਨ। ਇਸ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸਮਾਜਸੇਵੀ ਪੂਜਾ ਲੂਥਰਾ ਸਚਦੇਵਾ ਆਪਣੀ ਟੀਮ ਸਮੇਤ ਧਰਨਾ ਸਥਾਨ &dhapos;ਤੇ ਪਹੁੰਚੀ ਅਤੇ ਮੁਲਾਜ਼ਮਾਂ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਸੇਵਾ ਕੇਂਦਰ ਦੇ ਮੁਲਾਜ਼ਮ ਪਿਛਲੇ 10 ਤੋਂ 12 ਸਾਲਾਂ ਤੋਂ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ ਪੁਰਾਣੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਮੌਜੂਦਾ ਮਹਿੰਗਾਈ ਦੇ ਮੱਦੇਨਜ਼ਰ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ, ਤਾਂ ਜੋ ਮੁਲਾਜ਼ਮ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਸਹੀ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਦੇ ਮੁਲਾਜ਼ਮ ਜਨਮ ਤੋਂ ਲੈ ਕੇ ਮੌਤ ਤੱਕ ਦੇ ਸਰਕਾਰੀ ਸਰਟੀਫਿਕੇਟਾਂ ਸਮੇਤ 450 ਤੋਂ ਵੱਧ ਸਰਕਾਰੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾ ਰਹੇ ਹਨ। ਇਸਦੇ ਬਾਵਜੂਦ, ਸਰਕਾਰ ਲਈ ਵੱਡਾ ਰੈਵਿਨਿਊ ਇਕੱਠਾ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੂੰ ਕੇਵਲ 10,000 ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ।
ਪੂਜਾ ਲੂਥਰਾ ਸਚਦੇਵਾ ਨੇ ਪੰਜਾਬ ਸਰਕਾਰ &dhapos;ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਕਿ ਮੁਲਾਜ਼ਮਾਂ &dhapos;ਤੇ ਨਜਾਇਜ਼ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੱਕਾਂ ਦੀ ਮੰਗ ਕਰ ਰਹੇ ਲਗਭਗ 20 ਫੀਸਦੀ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਨਵੇਂ ਕੰਟਰੈਕਟ ਮੁਲਾਜ਼ਮ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ &dhapos;ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਧਰਨੇ ਖਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਰੁਜ਼ਗਾਰ ਤੋਂ ਵਾਂਝਾ ਕਰ ਰਹੀ ਹੈ।
ਉੱਧਰ, ਸੇਵਾ ਕੇਂਦਰ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਅਤੇ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਗਿਆ, ਤਾਂ 3 ਜੂਨ ਨੂੰ ਵੱਡੇ ਪੱਧਰ &dhapos;ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੂਜਾ ਲੂਥਰਾ ਸਚਦੇਵਾ ਨੇ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ 3 ਜੂਨ ਦੇ ਧਰਨੇ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸ਼ਾਮਲ ਹੋਵੇਗੀ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਅਖੀਰ ਤੱਕ ਲੜੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

