ਚੰਡੀਗੜ੍ਹ, 02 ਜੂਨ (ਹਿੰ.ਸ.)| ਅੰਮ੍ਰਿਤਸਰ ਦੀ 17 ਸਾਲਾ ਵਿਦਿਆਰਥਣ ਅਮਜੋਤ ਕੌਰ ਦੀ ਮੌਤ ਦੇ ਮਾਮਲੇ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਹੈ ਕਿ ਖੁਦਕੁਸ਼ੀ ਲਈ ਉਕਸਾਉਣ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਨ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਇੱਕ ਨਿੱਜੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਅਮਜੋਤ ਕੌਰ ਨੇ 22 ਮਈ ਨੂੰ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਹਾਲਤ ਵਿਗੜਣ 'ਤੇ ਪਰਿਵਾਰ ਵੱਲੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 30 ਮਈ ਨੂੰ ਉਸ ਦੀ ਮੌਤ ਹੋ ਗਈ।
ਇਲਾਜ ਦੌਰਾਨ ਅਮਜੋਤ ਨੇ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਸ ਨੇ ਸਕੂਲ ਪ੍ਰਬੰਧਨ 'ਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ। ਵੀਡੀਓ ਵਿੱਚ ਉਸ ਨੇ ਆਪਣੀ ਹਾਲਤ ਲਈ ਸਕੂਲ ਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਸੀ।
ਹਿੰਦੂਸਥਾਨ ਸਮਾਚਾਰ / GURSHARAN SINGH

