Dailyhunt Logo
  • Light mode
    Follow system
    Dark mode
    • Play Story
    • App Story

Amritsar: ਅਧਿਆਪਕ ਦੇ ਕਤਲ ਦੀ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਪੈਂਦੇ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ-ਦਿਹਾੜੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ।

ਜਥੇਦਾਰ ਗੜਗੱਜ ਨੇ ਦੱਸਿਆ ਕਿ ਜਗਦੀਪ ਸਿੰਘ ਇੱਕ ਹੋਣਹਾਰ ਗੁਰਸਿੱਖ ਸੀ, ਜੋ ਸਰਕਾਰੀ ਸਕੂਲ ਵਿੱਚ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ।

ਉਨ੍ਹਾਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ (ਸਮਝਦਾਰ) ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪੰਜਾਬ ਅਤੇ ਪੰਥ ਲਈ ਇੱਕ ਬਹੁਤ ਵੱਡਾ ਘਾਟਾ ਹੈ।

ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ ਕਿ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਜਥੇਦਾਰ ਨੇ ਮੰਗ ਕੀਤੀ ਕਿ ਪੰਜਾਬ ਪੁਲੀਸ ਬਿਨਾਂ ਕਿਸੇ ਦੇਰੀ ਦੇ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੀ ਜਾਣਕਾਰੀ ਮਿਲ ਰਹੀ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਵਿੱਚ ਬਹੁਤ ਢਿੱਲ ਵਰਤੀ ਜਾ ਰਹੀ ਹੈ, ਜਿਸ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਪ੍ਰਭਾਵ ਨਾਲ ਇਲਾਕੇ ਵਿੱਚ ਘੁੰਮ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

ਅਖੀਰ ਵਿੱਚ ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Dailyhunt
Disclaimer: This content has not been generated, created or edited by Dailyhunt. Publisher: Punjabi Tribune