ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ 26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਨੂੰ ਇਸ ਸਬੰਧੀ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।
ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਮੰਤਰੀ ਨੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਸਨ। ਇਸ ਸਬੰਧੀ ਉਨ੍ਹਾਂ ਐੱਸ ਐੱਸ ਪੀ ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਸੀ। ਕਮਿਸ਼ਨ ਨੇ ਐੱਸ ਐੱਸ ਪੀ ਦੀ ਰਿਪੋਰਟ 'ਤੇ ਅਸਹਿਮਤੀ ਜ਼ਾਹਿਰ ਕੀਤੀ ਹੈ। ਇਸੇ ਲਈ ਮੰਤਰੀ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਹੈ।
