ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮਲੋਟ ਵਿੱਚ ਜ਼ਿਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਔਰਤ ਆਰਥਿਕ ਤੌਰ ਉੱਤੇ ਮਜ਼ਬੂਤ ਹੁੰਦੀ ਹੈ, ਤਾਂ ਉਹ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਵਧੇਰੇ ਸੁਚੱਜੇ ਢੰਗ ਨਾਲ ਕਰ ਸਕਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਔਰਤਾਂ ਦੇ ਸ਼ਕਤੀਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਮਲੋਟ ਹਲਕੇ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ। ਉਨ੍ਹਾਂ ਵੱਲੋਂ 14 ਆਂਗਨਵਾੜੀ ਵਰਕਰਾਂ ਅਤੇ 94 ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ, ਤਾਂ ਜੋ ਉਹ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਸਕਣ।
ਮੇਲੇ ਦੌਰਾਨ ਮਾਤਾ ਹਰਪਾਲ ਕੌਰ ਨੇ ਔਰਤਾਂ ਨੂੰ ਤੀਆਂ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਇਹ ਰਿਸ਼ਤਿਆਂ ਦੀ ਸਾਂਝ ਅਤੇ ਪੰਜਾਬੀ ਸੱਭਿਆਚਾਰ ਨੂੰ ਮਜ਼ਬੂਤ ਕਰਨ ਦਾ ਅਹਿਮ ਵਸੀਲਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਾਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲ ਕੇ ਆਉਣ ਵਾਲੀ ਪੀੜ੍ਹੀ ਤੱਕ ਲਾਜ਼ਮੀ ਪਹੁੰਚਾਉਣਾ ਚਾਹੀਦਾ ਹੈ।
ਸਮਾਗਮ ਵਿੱਚ ਐੱਸ ਡੀ ਐੱਮ ਪੰਕਜ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਡੀ ਸੀ ਪੀ ਓ ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਗੁਰਵਿੰਦਰ ਕੌਰ ਬਰਾੜ, ਸਹਿਕਾਰੀ ਸਭਾ ਦੇ ਡਾਇਰੈਕਟਰ ਸਿਮਰਜੀਤ ਸਿੰਘ ਬਰਾੜ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਵੀਰਪਾਲ ਕੌਰ ਨੇ ਵੀ ਮੇਲੇ ਵਿੱਚ ਸ਼ਮੂਲੀਅਤ ਕੀਤੀ।k
