Dailyhunt Logo
  • Light mode
    Follow system
    Dark mode
    • Play Story
    • App Story

ਬਾਰੂਈਪੁਰ Rape-Murder Case 'ਚ ਜਾਂਚ ਤੇਜ਼

ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਾਰੂਈਪੁਰ ਵਿੱਚ 11 ਸਾਲਾ ਬੱਚੀ ਨਾਲ ਕਥਿਤ ਜਬਰ-ਜਨਾਹ ਅਤੇ ਮਗਰੋਂ ਕਤਲ ਦੇ ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਸ ਗੱਲ ਦਾ ਸ਼ੱਕ ਹੈ ਕਿ ਮੁਲਜ਼ਮਾਂ ਵਿੱਚੋਂ ਇੱਕ ਪੀੜਤਾ ਨੂੰ ਝੁੱਗੀ ਵਿੱਚ ਲੈ ਕੇ ਗਿਆ ਸੀ, ਜਿੱਥੇ ਵਾਰਦਾਤ ਤੋਂ ਪਹਿਲਾਂ ਦੋ ਹੋਰ ਮੁਲਜ਼ਮ ਪਹਿਲਾਂ ਤੋਂ ਹੀ ਮੌਜੂਦ ਸਨ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਜਦਕਿ ਜਾਂਚਕਰਤਾ ਫੋਰੈਂਸਿਕ ਅਤੇ ਵਿਸਰਾ ਜਾਂਚ ਰਿਪੋਰਟਾਂ ਉਡੀਕ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਵਾਰਦਾਤ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਵਿੱਚ ਪੀੜਤਾ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਜਾਂਚ ਟੀਮ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਸ਼ਨਿਚਰਵਾਰ ਦੇਰ ਰਾਤ ਪੀੜਤਾ ਦੀ ਲਾਸ਼ ਨੂੰ ਟਿਕਾਣੇ ਲਗਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਮੌਕੇ ਦੇ ਸਬੂਤ ਇਸ਼ਾਰਾ ਕਰਦੇ ਹਨ ਕਿ ਉਨ੍ਹਾਂ ਨੇ ਬੱਚੀ ਨੂੰ ਪਲਾਸਟਿਕ ਦੀ ਬੋਰੀ ਵਿੱਚ ਲਿਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਜਦੋਂ ਉਹ ਫਟ ਗਈ, ਤਾਂ ਉਨ੍ਹਾਂ ਨੇ ਕਥਿਤ ਤੌਰ 'ਤੇ ਉਸ ਨੂੰ ਨੇੜਲੇ ਤਲਾਬ ਵਿੱਚ ਸੁੱਟ ਦਿੱਤਾ।

ਮੁੱਖ ਮੰਤਰੀ ਤੇ ਹੋਰਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਅੱਜ ਬਾਰੂਈਪੁਰ ਦਾ ਦੌਰਾ ਕੀਤਾ ਅਤੇ ਬੱਚੀ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲੇਗੀ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦੀ ਲੜਾਈ ਵਿੱਚ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਪਰਿਵਾਰ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਮੰਤਰੀ ਅਗਨੀਮਿਤਰਾ ਪਾਲ ਅਤੇ ਸਾਬਕਾ ਸੰਸਦ ਮੈਂਬਰ ਲੌਕੇਟ ਚੈਟਰਜੀ ਸ਼ਾਮਲ ਸਨ। ਇਸ ਤੋਂ ਇਲਾਵਾ ਟੀ ਐੱਮ ਸੀ ਸੰਸਦ ਮੈਂਬਰ ਕਾਕੋਲੀਘੋਸ਼ ਦਸਤੀਦਾਰ ਅਤੇ ਸਯਾਨੀ ਘੋਸ਼, ਜੋ ਹਾਲ ਹੀ ਵਿੱਚ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ ਵਿੱਚ ਸ਼ਾਮਲ ਹੋਏ ਹਨ, ਨੇ ਵੀ ਪੀੜਤਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਅੱਜ ਡੀ ਜੀ ਪੀ ਸਿੱਧ ਨਾਥ ਗੁਪਤਾ ਨੂੰ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਭੀੜ ਵੱਲੋਂ ਕੁੱਟ-ਕੁੱਟ ਕੇ ਮਾਰਿਆ ਗਿਆ ਵਿਅਕਤੀ ਬੇਕਸੂਰ ਸੀ। -ਪੀਟੀਆਈ

Dailyhunt
Disclaimer: This content has not been generated, created or edited by Dailyhunt. Publisher: Punjabi Tribune