Dailyhunt

ਭਾਜਪਾ ਦਫ਼ਤਰ 'ਤੇ ਹਮਲੇ ਖ਼ਿਲਾਫ਼ ਮੁਜ਼ਾਹਰਾ

ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਅੱਜ ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਫ਼ੇਜ਼ 3-5 ਦੀਆਂ ਲਾਈਟਾਂ 'ਤੇ ਪ੍ਰਦਰਸ਼ਨ 'ਚ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰ ਲਈ ਖ਼ਤਰਾ ਹਨ ਅਤੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਦੀ ਇਹ ਕਾਇਰਾਨਾ ਕਾਰਵਾਈ ਦੱਸਦੀ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਵਿਚ ਭਾਜਪਾ ਦੀ ਲਗਾਤਾਰ ਵਧਦੀ ਤਾਕਤ ਤੋਂ ਘਬਰਾ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੀ ਭਲਾਈ, ਆਪਸੀ ਭਾਈਚਾਰੇ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਵਚਨਬੱਧ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਇਹਨਾਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ। ਇਸ ਮੌਕੇ ਭਾਜਪਾ ਦੇ ਪੰਜਾਬ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਐੱਸ ਐੱਮ ਐੱਸ ਸੰਧੂ ਡੇਰਾਬੱਸੀ, ਸੰਜੀਵ ਖੰਨਾ, ਗੁਰਦਰਸ਼ਨ ਸਿੰਘ ਸੈਣੀ ਆਦਿ ਨੇ ਵੀ ਹਮਲੇ ਦੀ ਨਿੰਦਾ ਕਰਦਿਆ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਇੱਕ ਬਿਆਨ ਰਾਹੀਂ ਪਾਰਟੀ ਦਫ਼ਤਰ ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਅਤੇ ਪੰਜਾਬ ਦੀ ਅਮਨ, ਭਾਈਚਾਰਕ ਸਾਂਝ ਤੇ ਵਿਕਾਸ ਲਈ ਵਚਨਬੱਧ ਹੈ ਤੇ ਅਜਿਹੇ ਹਮਲੇ ਭਾਜਪਾ ਨੂੰ ਡਰਾ ਨਹੀਂ ਸਕਦੇ।

Dailyhunt
Disclaimer: This content has not been generated, created or edited by Dailyhunt. Publisher: Punjabi Tribune