ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਜ਼ੱਦੀ ਪਿੰਡ ਟੱਲੇਵਾਲ ਪਹੁੰਚੇ। ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਸਰਪੰਚ ਜਗਰਾਜ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਨੇ ਪਿੰਡ ਦੇ ਗੁਰਦੁਆਰਾ ਸੰਤ ਬਾਬਾ ਸੁੰਦਰ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਅਮਨ-ਚੈਨ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਪੰਜਾਬ ਭਾਜਪਾ ਪ੍ਰਧਾਨ ਤਖਤ ਦਮਦਮਾ ਸਾਹਿਬ ਨਤਮਸਤਕ
ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ 1100 ਕਰੋੜ ਰੁਪਏ ਦੀ ਲਾਗਤ ਨਾਲ ਤਖਤ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾ ਰਿਹਾ ਹੈ। ਵਿਰੋਧੀਆਂ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਸੀਟਾਂ ਉੱਤੇ ਇਕੱਲਿਆਂ ਚੋਣ ਲੜੇਗੀ।
