Dailyhunt Logo
  • Light mode
    Follow system
    Dark mode
    • Play Story
    • App Story

Chandigarh Fire: GMSH-16 ਦੇ ਬਲੱਡ ਬੈਂਕ 'ਚ ਲੱਗੀ ਅੱਗ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ

ਥਾਨਕ ਸੈਕਟਰ-16 ਸਥਿਤ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ (GMSH-16) ਦੇ ਬਲੱਡ ਬੈਂਕ ਵਿੱਚ ਅੱਜ 2 ਜੂਨ ਦੀ ਤੜਕਸਾਰ ਅੱਗ ਲੱਗਣ ਦੀ ਇੱਕ ਮਾਮੂਲੀ ਘਟਨਾ ਵਾਪਰੀ। ਹਾਲਾਂਕਿ, ਹਸਪਤਾਲ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਮੁਸਤੈਦੀ ਸਦਕਾ ਸਥਿਤੀ 'ਤੇ ਜਲਦੀ ਹੀ ਕਾਬੂ ਪਾ ਲਿਆ ਗਿਆ, ਜਿਸ ਕਾਰਨ ਕੋਈ ਵੱਡਾ ਨੁਕਸਾਨ ਹੋਣੋਂ ਬਚ ਗਿਆ ਅਤੇ ਹਸਪਤਾਲ ਦੀਆਂ ਸੇਵਾਵਾਂ ਵਿੱਚ ਕੋਈ ਵਿਘਨ ਨਹੀਂ ਪਿਆ।

ਇਸ ਘਟਨਾ ਦਾ ਸਭ ਤੋਂ ਪਹਿਲਾਂ ਪਤਾ ਉੱਥੇ ਤਾਇਨਾਤ ਡਿਊਟੀ ਸਟਾਫ਼ ਨੂੰ ਲੱਗਿਆ, ਜਿਨ੍ਹਾਂ ਨੇ ਬਿਨਾਂ ਦੇਰੀ ਕੀਤੇ ਤੁਰੰਤ ਸੁਰੱਖਿਆ ਕਰਮਚਾਰੀਆਂ (ਸੈਕਿਉਰਿਟੀ ਸਟਾਫ਼) ਨੂੰ ਸੂਚਿਤ ਕੀਤਾ। ਸੁਰੱਖਿਆ ਕਰਮਚਾਰੀਆਂ ਨੇ ਫ਼ੌਰੀ ਕਾਰਵਾਈ ਕਰਦਿਆਂ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕ ਦਿੱਤਾ।

ਉੱਚ ਅਧਿਕਾਰੀਆਂ ਨੇ ਲਿਆ ਜਾਇਜ਼ਾ

ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਹਸਪਤਾਲ ਦੇ ਸੀਨੀਅਰ ਅਧਿਕਾਰੀ, ਜਿਨ੍ਹਾਂ ਵਿੱਚ ਡਾਇਰੈਕਟਰ ਸਿਹਤ ਸੇਵਾਵਾਂ (DHS), ਮੈਡੀਕਲ ਸੁਪਰਡੈਂਟ (MS), ਡਿਪਟੀ ਮੈਡੀਕਲ ਸੁਪਰਡੈਂਟ (DMS) ਅਤੇ ਬਲੱਡ ਬੈਂਕ ਦੇ ਇੰਚਾਰਜ ਸ਼ਾਮਲ ਸਨ, ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਵੱਲੋਂ ਬਲੱਡ ਬੈਂਕ ਦੇ ਅਹਿਮ ਕੰਮਾਂ ਨੂੰ ਨਿਰੰਤਰ ਜਾਰੀ ਰੱਖਣ ਅਤੇ ਇਮਾਰਤ ਦੀ ਸੁਰੱਖਿਆ ਲਈ ਤੁਰੰਤ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਏਸੀ 'ਚ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ

ਮੁਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਇਹ ਅੱਗ ਬਲੱਡ ਬੈਂਕ ਦੇ ਅੰਦਰ ਲੱਗੇ ਏਅਰ-ਕੰਡੀਸ਼ਨਿੰਗ (AC) ਯੂਨਿਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਹਿੱਸੇ ਨੂੰ ਤੁਰੰਤ ਸੁਰੱਖਿਅਤ ਕਰ ਦਿੱਤਾ ਗਿਆ ਹੈ ਅਤੇ ਮੌਕੇ 'ਤੇ ਇਹਤਿਆਤੀ ਕਦਮ ਚੁੱਕੇ ਗਏ ਹਨ।

ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਦੇ ਨਾਲ ਹੀ ਬਲੱਡ ਬੈਂਕ ਵਿੱਚ ਮੌਜੂਦ ਖ਼ੂਨ ਦੇ ਸਟਾਕ, ਮੈਡੀਕਲ ਉਪਕਰਨਾਂ, ਰਿਕਾਰਡਾਂ ਜਾਂ ਹਸਪਤਾਲ ਦੇ ਢਾਂਚੇ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਵਿਸਤ੍ਰਿਤ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune