ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੁੱਕਰਵਾਰ ਨੂੰ ਗੰਦਰਬਲ ਜ਼ਿਲ੍ਹੇ ਵਿੱਚ ਹੋਏ ਮੁਕਾਬਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਸੁਰੱਖਿਆ ਬਲਾਂ ਨੇ ਇੱਕ ਕਥਿਤ ਅਤਿਵਾਦੀ ਨੂੰ ਮਾਰ ਮੁਕਾਇਆ ਸੀ। ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਸਮੇਤ ਕਈ ਪ੍ਰਮੁੱਖ ਪਾਰਟੀਆਂ ਦੇ ਨੇਤਾਵਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਸ ਮੁਕਾਬਲੇ 'ਤੇ ਸਵਾਲ ਉਠਾਏ ਸਨ।
ਸਿਨਹਾ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਗੰਦਰਬਲ ਦੇ ਅਰਹਾਮਾ ਵਿੱਚ ਹੋਏ ਮੁਕਾਬਲੇ ਦੀ ਡੂੰਘੀ ਅਤੇ ਨਿਰਪੱਖ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਰਾਹੀਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।” ਮਾਰੇ ਗਏ ਨੌਜਵਾਨ ਰਾਸ਼ਿਦ ਅਹਿਮਦ ਮੁਗਲ ਦੇ ਪਰਿਵਾਰ ਵਾਲਿਆਂ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਅਤਿਵਾਦ ਨਾਲ ਕੋਈ ਸਬੰਧ ਨਹੀਂ ਸੀ।
ਅਬਦੁੱਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, “ਮੇਰਾ ਮੰਨਣਾ ਹੈ ਕਿ ਪਰਿਵਾਰ ਦੇ ਦਾਅਵੇ ਨੂੰ ਸਿਰੇ ਤੋਂ ਰੱਦ ਨਹੀਂ ਕੀਤਾ ਜਾਣਾ ਚਾਹੀਦਾ। ਘੱਟੋ-ਘੱਟ ਇਸ ਘਟਨਾ ਦੀ ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਸਾਰੇ ਤੱਥ ਜਨਤਕ ਕੀਤੇ ਜਾਣੇ ਚਾਹੀਦੇ ਹਨ।” ਉਨ੍ਹਾਂ ਅੱਗੇ ਕਿਹਾ, “ਜਾਂਚ ਦੀ ਘੋਸ਼ਣਾ ਵਿੱਚ ਦੇਰੀ ਕਰਨ ਦੀ ਕੋਈ ਵੀ ਕੋਸ਼ਿਸ਼ ਸਿਰਫ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਏਗੀ ਅਤੇ ਇਹ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੋਵੇਗੀ।”
