Dailyhunt Logo
  • Light mode
    Follow system
    Dark mode
    • Play Story
    • App Story

ਖੂਈਆਂ ਸਰਵਰ ਲਿੰਕ ਸੜਕ ਤਿੰਨ ਮਹੀਨਿਆਂ ਵਿੱਚ ਟੁੱਟੀ

ਖੁਈਆਂ ਸਰਵਰ ਨੂੰ ਹਾਈਵੇਅ ਨਾਲ ਜੋੜਨ ਵਾਲੀ ਫਿਰਨੀ ਸੜਕ ਦੇ ਮਹਿਜ਼ ਤਿੰਨ ਮਹੀਨਿਆਂ ਵਿੱਚ ਹੀ ਖ਼ਰਾਬ ਹੋ ਜਾਣ ਦੇ ਮਾਮਲੇ ਨੇ ਸਰਕਾਰੀ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਖੜ੍ਹਾ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਸਰਕਾਰ ਅਤੇ ਸਬੰਧਤ ਵਿਭਾਗ ਉੱਤੇ ਤਿੱਖਾ ਹਮਲਾ ਬੋਲਦਿਆਂ ਨਿਰਮਾਣ ਕਾਰਜ ਵਿੱਚ ਗੰਭੀਰ ਅਨਿਯਮਿਤਤਾਵਾਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ।

ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਇਹ ਸੜਕ ਕਈ ਥਾਵਾਂ ਤੋਂ ਉਖੜ ਚੁੱਕੀ ਹੈ ਅਤੇ ਡਾਮਰ ਦੀ ਪਰਤ ਟੁੱਟ ਰਹੀ ਹੈ।
ਵਿਧਾਇਕ ਜਾਖੜ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਇਮਾਨਦਾਰ ਸ਼ਾਸਨ ਦੇ ਵੱਡੇ ਦਾਅਵੇ ਕਰਦੀ ਹੈ, ਜਦਕਿ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਜੇਕਰ ਕੋਈ ਸੜਕ ਬਣਨ ਤੋਂ ਕੁਝ ਹੀ ਮਹੀਨਿਆਂ ਬਾਅਦ ਟੁੱਟਣ ਲੱਗ ਪਵੇ ਤਾਂ ਇਹ ਸਰਕਾਰੀ ਨਿਗਰਾਨੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਜਨਤਾ ਦੇ ਟੈਕਸ ਦੇ ਪੈਸੇ ਦੀ ਇਸ ਤਰ੍ਹਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਮੌਕੇ 'ਤੇ ਪਹੁੰਚ ਕੇ ਸੜਕ ਦੀ ਹਾਲਤ ਦਾ ਜਾਇਜ਼ਾ ਲੈਣ ਅਤੇ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ। ਉਨ੍ਹਾਂ ਮੰਗ ਕੀਤੀ ਕਿ ਨਿਰਮਾਣ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਸੜਕ ਦਾ ਨਿਰਮਾਣ ਉੱਚ ਮਿਆਰਾਂ ਅਨੁਸਾਰ ਦੁਬਾਰਾ ਕਰਵਾਇਆ ਜਾਵੇ। ਜਾਖੜ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਲਈ ਆਵਾਜ਼ ਬੁਲੰਦ ਰੱਖੀ ਜਾਵੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune