Dailyhunt Logo
  • Light mode
    Follow system
    Dark mode
    • Play Story
    • App Story

ਲਾਵਾਰਸ ਲਾਸ਼ਾਂ ਮਾਮਲਾ: ਸ਼੍ਰੀ ਅਕਾਲ ਤਖਤ ਵੱਲੋਂ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ 14 ਜੁਲਾਈ ਨੂੰ ਸਤਲੁਜ ਕੰਢੇ ਅਰਦਾਸ

ਫਿਲਮ ਸਤਲੁਜ ਦੇ ਕਾਰਨ ਮੁੜ ਚਰਚਾ ਵਿੱਚ ਆਏ ਲਾਵਾਰਸ ਲਾਸ਼ਾਂ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲੀਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਵੱਲੋਂ ਫਿਲਮ 'ਤੇ ਰੋਕ ਲਾਏ ਜਾਣ 'ਤੇ ਸਖਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਇਨਸਾਫ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਕਰਾਰ ਦਿੱਤਾ ਗਿਆ ਸੀ। ਇਸੇ ਮਾਮਲੇ ਵਿੱਚ ਅੱਜ ਉਹਨਾਂ ਇੱਕ ਅਹਿਮ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲੀਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਵਿੱਚ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।

ਜਥੇਦਾਰ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ। ਉਹਨਾਂ ਆਖਿਆ ਕਿ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਲੋਕ ਅਤੇ ਜਿਨ੍ਹਾਂ ਲਈ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ ਅਤੇ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।

ਜਥੇਦਾਰ ਗੜਗੱਜ ਨੇ ਕਿਹਾ ਕਿ 14 ਜੁਲਾਈ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ‘ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

Dailyhunt
Disclaimer: This content has not been generated, created or edited by Dailyhunt. Publisher: Punjabi Tribune