ਮੀਰੀ-ਪੀਰੀ ਦੇ ਸਿਧਾਂਤ ਦਾ ਸੁਨੇਹਾ ਘਰ-ਘਰ ਪਹੁੰਚਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਕਾਲ ਤਖ਼ਤ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਦੀ ਸਿਰਜਣਾ ਕਰ ਕੇ ਸਿੱਖਾਂ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ਿਆ। ਇਹ ਸਿਧਾਂਤ ਸਿੱਖ ਨੂੰ ਅਧਿਆਤਮਿਕਤਾ ਦੇ ਨਾਲ ਸਮਾਜਿਕ ਜ਼ਿੰਮੇਵਾਰੀ ਨਿਭਾਉਣ, ਚੜ੍ਹਦੀਕਲਾ ਵਿੱਚ ਰਹਿਣ ਅਤੇ ਜ਼ੁਲਮ ਵਿਰੁੱਧ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸਿੱਖ ਸੰਸਥਾਵਾਂ ਤੇ ਵਿਰਾਸਤ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਸੋਚ ਨੂੰ ਪਛਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮੁੱਖ ਮਕਸਦ ਸੰਗਤ ਅਤੇ ਖਾਸ ਕਰ ਕੇ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਅਤੇ ਪੰਥ ਵਿਰੋਧੀ ਵਿਚਾਰਧਾਰਾ ਤੋਂ ਸੁਚੇਤ ਕਰਨਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਨੂੰ ਸੰਗਤ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਹ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾ ਅਕਾਲ ਤਖ਼ਤ ਤੇ ਗੁਰੂਆਂ ਪ੍ਰਤੀ ਸਮਰਪਿਤ ਹਨ। ਉਨ੍ਹਾਂ ਨਸ਼ਿਆਂ ਦੀ ਵਧ ਰਹੀ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਮਾਰਚ ਵਿੱਚ ਸ਼ਾਮਲ ਸੰਗਤ ਦਾ ਧੰਨਵਾਦ ਕੀਤਾ।
ਮਾਰਚ ਵਿੱਚ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਤਜਿੰਦਰ ਸਿੰਘ ਮਿੱਡੂਖੇੜਾ, ਜਨਮੇਜਾ ਸਿੰਘ ਸੇਖੋਂ, ਸ਼੍ੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰਜਿੰਦਰ ਸਿੰਘ ਮਹਿਤਾ, ਗੁਰਚਰਨ ਸਿੰਘ ਗਰੇਵਾਲ, ਬਲਬੀਰ ਸਿੰਘ ਘੁੰਨਸ ਆਦਿ ਹਾਜ਼ਰ ਸਨ।
