ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। 11.70 ਕਰੋੜ ਦੀ ਲਾਗਤ ਨਾਲ ਬਣਿਆ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਚੀਮਾ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਅੰਦਰ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਇੱਥੇ ਹੀ ਆਧੁਨਿਕ ਮਸ਼ੀਨਾਂ ਅਤੇ ਐਮਰਜੈਂਸੀ ਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੰਤ ਅਤਰ ਸਿੰਘ ਦੇ ਨਾਮ 'ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।" ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੰਤ ਅਤਰ ਸਿੰਘ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਂ ਰੱਖਿਆ ਜਾਣਾ ਸੁਭਾਗੀ ਗੱਲ ਹੈ। ਹਸਪਤਾਲ ਵਿੱਚ ਉਪਲਬਧ ਡਾਕਟਰੀ ਸੇਵਾਵਾਂ ਗਿਣਾਉਂਦਿਆਂ ਉਨ੍ਹਾਂ ਕਿਹਾ, "ਈ ਐੱਨ ਟੀ ਅਤੇ ਦੰਦਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗਾਂ ਦੇ ਮਾਹਿਰ ਵੀ ਉਪਲਬਧ ਹੋਣਗੇ। ਇਸ ਤੋਂ ਇਲਾਵਾ ਨਸ਼ਾ ਛੁਡਾਉਣ ਵਾਲੇ ਮਰੀਜ਼ਾਂ ਨੂੰ ਵੀ ਸੀ ਐਚ ਸੀ ਵਿੱਚ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।" ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੇ ਨਸ਼ਾ ਕਾਰੋਬਾਰ ਦਾ ਲੱਕ ਤੋੜਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਹਰ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਵੱਡੀ ਤਬਦੀਲੀ ਆਈ ਹੈ। ਇਸ ਮੌਕੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।
