ਪਰਸ਼ੋਤਮ ਬੱਲੀ ਇੱਥੇ ਤਰਕਸ਼ੀਲ ਭਵਨ ਵਿੱਚ ਬੀ ਕੇ ਯੂ (ਡਕੌਂਦਾ)-ਬੁਰਜਗਿੱਲ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਪ੍ਰਧਾਨ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਖੇਤੀ ਹੀ ਸੂਬੇ ਦੇ ਅਰਥਚਾਰੇ ਦਾ ਧੁਰਾ ਹੈ। ਦਰਿਆਵਾਂ ਦੀ ਧਰਤੀ ਹੋਣ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟਗ੍ਰਸਤ ਹੈ।
ਇਹ ਸੰਕਟ ਬਹੁ-ਪਰਤੀ ਹੋਣ ਕਾਰਨ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ। ਸੂਬੇ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਦੇ ਪੱਧਰ 'ਤੇ ਬਹੁ-ਪੱਖੀ ਉਪਰਾਲਿਆਂ ਦੀ ਜ਼ਰੂਰਤ ਹੈ।
ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਪਾਣੀਆਂ ਦੀ ਸੰਭਾਲ ਅਤੇ ਸ਼ੁੱਧਤਾ ਲਈ ਠੋਸ ਕਦਮ, ਸਾਰੀਆਂ ਫ਼ਸਲਾਂ, ਫਲਾਂ, ਸਬਜ਼ੀਆਂ ਅਤੇ ਬਾਸਮਤੀ ਦੀ ਸੀ 2 + 50 ਫ਼ੀਸਦੀ ਫਾਰਮੂਲੇ ਨਾਲ ਐੱਮ ਐੱਸ ਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ, ਕਿਸਾਨ-ਪੱਖੀ ਖੇਤੀ ਨੀਤੀ ਲਾਗੂ ਕੀਤੀ ਜਾਵੇ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਨੂੰ ਰੱਦ ਕੀਤਾ ਜਾਵੇ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣ, ਬਾਰਡਰ ਵਪਾਰ ਲਈ ਖੋਲ੍ਹੇ ਜਾਣ, ਨਵੀਂ ਕੌਮੀ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਅਮਰੀਕਾ ਅਤੇ ਯੂਰੋਪੀ ਯੂਨੀਅਨ ਨਾਲ ਕੀਤੇ ਜਾਣ ਵਾਲੇ ਸਮਝੌਤਿਆਂ ਸਮੇਂ ਖੇਤੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਿਆ ਜਾਵੇ ਆਦਿ। ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਇਨ੍ਹਾਂ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਛੇ ਅਪਰੈਲ ਨੂੰ ਪੰਜਾਬ ਦੇ ਸਮੂਹ ਡੀ ਸੀ ਦਫ਼ਤਰਾਂ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣੇ ਹਨ। ਇਸ ਵਿੱਚ ਜਥੇਬੰਦੀ ਸ਼ਮੂਲੀਅਤ ਕਰੇਗੀ। ਸੂਬਾ ਖਜ਼ਾਨਚੀ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਘੁਡਾਣੀ, ਸੂਬਾ ਸਹਿ-ਖ਼ਜ਼ਾਨਚੀ ਦਲਜਿੰਦਰ ਸਿੰਘ ਗੁਰਨਾ, ਸਤਨਾਮ ਸਿੰਘ ਕਿਲ੍ਹਾ ਭਰੀਆਂ, ਗੁਰਵਿੰਦਰ ਸਿੰਘ ਜੀਵਨਚੱਕ, ਦਲਬੀਰ ਸਿੰਘ ਗੁਰਦਾਸਪੁਰ, ਹਰਭਗਵਾਨ ਸਿੰਘ ਪਟਿਆਲਾ, ਦਰਸ਼ਨ ਸਿੰਘ ਉੱਗੋਕੇ, ਗੁਰਬਚਨ ਸਿੰਘ ਕਣਸੁਆ, ਸਿਕੰਦਰ ਸਿੰਘ ਭੂਰੇ, ਕਰਮਜੀਤ ਸਿੰਘ ਚੈਨਾ, ਗੁਰਮੇਲ ਸਿੰਘ ਮੁਕਤਸਰ ਆਦਿ ਆਗੂ ਹਾਜ਼ਰ ਸਨ।
