2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਪੱਧਰ 'ਤੇ ਲੜੇਗੀ ਤੇ ਚੋਣਾਂ ਨੇੜੇ ਆਉਣ ਤੱਕ ਸੂਬੇ ਦੀ ਸਿਆਸੀ ਸਥਿਤੀ ਵਿੱਚ ਵੱਡੀ ਤਬਦੀਲੀ ਆਵੇਗੀ ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਨਵੇ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕੀਤਾ। ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਪਹੁੰਚੇ ਢਿੱਲੋਂ ਦਾ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਚਰਚਾ ਕਰਨਾ ਅਜੇ ਜਲਦਬਾਜ਼ੀ ਹੋਵੇਗੀ ਅਤੇ ਢੁਕਵੇਂ ਸਮੇਂ 'ਤੇ ਪਾਰਟੀ ਇਸ ਸਬੰਧੀ ਫੈਸਲਾ ਕਰੇਗੀ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਸਮਾਂ ਆਉਣ 'ਤੇ ਲੋਕ ਇਸ ਦਾ ਜਵਾਬ ਦੇਣਗੇ। ਨਗਰ ਨਿਗਮ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਜੋ ਕੁਝ ਵੀ ਪੰਜਾਬ ਵਿੱਚ ਵਾਪਰਿਆ ਹੈ, ਉਹ ਆਮ ਆਦਮੀ ਪਾਰਟੀ ਦੇ ਡਰ ਕਾਰਨ ਹੋਇਆ ਹੈ ਅਤੇ ਅਸਲ ਸਥਿਤੀ ਵਿਧਾਨ ਸਭਾ ਚੋਣਾਂ ਵਿੱਚ ਹੀ ਸਪੱਸ਼ਟ ਹੋਵੇਗੀ।
