ਇਥੋਂ ਦੇ ਭਾਜਪਾ ਆਗੂ ਰਾਜੀਵ ਕੁਮਾਰ ਮਾਣਾ ਨੂੰ ਲਗਾਤਾਰ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਪ੍ਰੇਸ਼ਾਨ ਹੋ ਕੇ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਪੰਜਾਬ ਸਰਕਾਰ ਅਤੇ ਪੁਲੀਸ ਵਿਰੁੱਧ ਆਪਣੀ ਦੁਕਾਨ ਅੱਗੇ ਨੰਗੇ ਧੜ ਬੈਠ ਕੇ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਹਮਾਇਤ ਵਿੱਚ ਸਥਾਨਕ ਬਾਜ਼ਾਰ ਵਾਲਿਆਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।
ਰਾਜੀਵ ਕੁਮਾਰ ਮਾਣਾ ਨੇ ਦੋਸ਼ ਲਗਾਇਆ ਕਿ ਉਸ ਨੂੰ ਕੁਝ ਸਮੇਂ ਤੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਪਰ ਪੁਲੀਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਰਾਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਐੱਸ ਐੱਸ ਪੀ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਸੀ। ਅੱਜ ਭਾਜਪਾ ਆਗੂ ਦੀ ਹਮਾਇਤ ਵਿੱਚ ਬਾਜ਼ਾਰ ਦਾ ਇੱਕ ਪਾਸਾ ਬੰਦ ਰਿਹਾ। ਵਪਾਰੀ ਅਤੇ ਸਥਾਨਕ ਨਿਵਾਸੀ ਰੋਸ ਸਥਾਨ 'ਤੇ ਇਕੱਠੇ ਹੋਏ ਅਤੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।
ਇਸ ਮੌਕੇ ਜੰਡਿਆਲਾ ਗੁਰੂ ਦੇ ਐੱਸ ਐੱਚ ਓ ਹਰਪਾਲ ਸਿੰਘ ਨੇ ਰਜੀਵ ਕੁਮਾਰ ਮਾਣਾ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਬਹੁਤ ਜਲਦੀ ਹੱਲ ਕਰ ਦਿੱਤਾ ਜਾਵੇਗਾ। ਇਸ 'ਤੇ ਭਾਜਪਾ ਆਗੂ ਨੇ ਸਹਿਮਤੀ ਪ੍ਰਗਟਾਉਂਦਿਆਂ ਆਪਣਾ ਧਰਨਾ ਅਤੇ ਭੁੱਖ ਹੜਤਾਲ ਖਤਮ ਕਰ ਦਿੱਤੀ।
