ਇੱਥੋਂ ਦੇ ਸੈਕਟਰ 11 ਸਥਿਤ ਕੈਮਿਸਟ ਦੀ ਦੁਕਾਨ 'ਤੇ ਪਿਛਲੇ ਮਹੀਨੇ ਕੈਸ਼ੀਅਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਦੇ ਤਾਰ ਪਾਕਿਸਤਾਨ ਨਾਲ ਜੁੜ ਗਏ ਹਨ। ਚੰਡੀਗੜ੍ਹ ਪੁਲੀਸ ਦੀਆਂ ਟੀਮਾਂ ਨੇ ਮਾਮਲੇ ਦੀ ਜਾਂਚ ਕਰਦਿਆਂ 4 ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤੋਂ ਪੁਲੀਸ ਨੇ ਤਿੰਨ ਕਿਲੋ ਆਈਸ, 8 ਲੱਖ ਰੁਪਏ ਦੇ ਜਾਅਲੀ ਨੋਟ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।
ਚੰਡੀਗੜ੍ਹ ਪੁਲੀਸ ਦੇ ਐੱਸ ਪੀ ਅਨੁਰਾਗ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਆਕਾਸ਼ ਕੁਮਾਰ, ਸਚਿਨ ਸਿਲਵੈਸਟਰ, ਗੁਰਮੀਤ ਸਿੰਘ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ।
ਐੱਸ ਪੀ ਅਨੁਰਾਗ ਨੇ ਕਿਹਾ ਕਿ ਚੰਡੀਗੜ੍ਹ ਪੁਲੀਸ ਦੀਆਂ ਟੀਮਾਂ ਵੱਲੋਂ ਕੈਸ਼ੀਅਰ ਹੱਤਿਆ ਮਾਮਲੇ ਵਿੱਚ ਜਾਂਚ ਕਰਦਿਆਂ ਤਰਨ ਤਾਰਨ ਅਤੇ ਅੰਮ੍ਰਿਤਸਰ ਇਲਾਕੇ ਵਿੱਚ ਛਾਪੇ ਮਾਰੇ ਸਨ। ਇਸ ਦੌਰਾਨ ਆਕਾਸ਼, ਸਚਿਨ ਤੇ ਗੁਰਮੀਤ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਤੋਂ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਤਿੰਨਾਂ ਨੇ ਕਪੂਰਥਲਾ ਜੇਲ੍ਹ ਵਿੱਚ ਬੰਦ ਧਰਮਿੰਦਰ ਸਿੰਘ ਦੇ ਕਹਿਣ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਨੇ ਜੰਮੂ ਕਸ਼ਮੀਰ ਦੇ ਨੌਜਵਾਨਾਂ ਤੋਂ ਵਾਰਦਾਤ ਨੂੰ ਅੰਜਾਮ ਦਿਵਾਇਆ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਿੰਦਰ ਸਿੰਘ ਦੇ ਸਰਹੱਦ ਪਾਰ ਪਾਕਿਸਤਾਨ ਵਿੱਚ ਸਬੰਧ ਹਨ ਜਿੱਥੋਂ ਡਰੋਨ ਰਾਹੀਂ ਹਥਿਆਰ, ਨਸ਼ੀਲੇ ਪਦਾਰਥ ਅਤੇ ਨਗਦੀ ਭਾਰਤ ਵਿੱਚ ਸਪਲਾਈ ਕੀਤੇ ਜਾਂਦੇ ਹਨ। ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਧਰਮਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਸੂਬਿਆਂ ਵਿੱਚ 32 ਕੇਸ ਦਰਜ ਹਨ ਜਦੋਂਕਿ ਗੁਰਮੀਤ ਤੇ ਸਚਿਨ ਖ਼ਿਲਾਫ਼ ਇੱਕ-ਇੱਕ ਕੇਸ ਦਰਜ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ 11 ਸਥਿਤ ਕੈਮਿਸਟ ਦੀ ਦੁਕਾਨ 'ਤੇ 13 ਜੂਨ ਨੂੰ ਦਿਨ ਦਿਹਾੜੇ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਕੈਸ਼ੀਅਰ ਜਾਨਕੀ ਦਾਸ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਦੋ ਨੌਜਵਾਨਾਂ ਨੂੰ ਜੰਮੂ ਕਸ਼ਮੀਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
