ਫਰੰਟ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ 3670 ਵੋਕੇਸ਼ਨਲ ਅਧਿਆਪਕ ਆਊਟਸੋਰਸਿੰਗ ਕੰਪਨੀਆਂ ਰਾਹੀਂ ਨਿਯੁਕਤ ਹਨ ਅਤੇ ਲੰਬੇ ਸਮੇਂ ਤੋਂ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਅਨੇਕਾਂ ਮੀਟਿੰਗਾਂ ਦੇ ਬਾਵਜੂਦ ਅਧਿਆਪਕਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਹਰਿਆਣਾ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਵਧੀਆ ਤਨਖ਼ਾਹਾਂ ਅਤੇ ਰੁਜ਼ਗਾਰ ਸੁਰੱਖਿਆ ਮਿਲ ਰਹੀ ਹੈ, ਜਦੋਂਕਿ ਪੰਜਾਬ ਦੇ ਅਧਿਆਪਕ ਹਾਲੇ ਵੀ ਬੇਯਕੀਨੀ ਦਾ ਸਾਹਮਣਾ ਕਰ ਰਹੇ ਹਨ।
ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਅੱਜ ਤੋਂ ਤਿੰਨ ਦਿਨਾਂ ਦੀ ਸੰਕੇਤਕ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜੇ ਇਸ ਦੌਰਾਨ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੂਬਾ ਪੱਧਰੀ ਪੱਕਾ ਧਰਨਾ ਲਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਕੇ ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਕੀਤਾ ਜਾਵੇ। ਇਸ ਮੌਕੇ ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੁਖਰਾਜ ਸਿੰਘ, ਮਹਿਤਾਬ ਸਿੰਘ ਅਤੇ ਮਨਪ੍ਰੀਤ ਸਿੰਘ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਨੁਮਾਇੰਦੇ ਹਾਜ਼ਰ ਸਨ।
