Dailyhunt Logo
  • Light mode
    Follow system
    Dark mode
    • Play Story
    • App Story

Punjab employees DA: ਵਿਰੋਧੀ ਧਿਰ ਵੱਲੋਂ ਮਹਿੰਗਾਈ ਭੱਤੇ ਬਾਰੇ ਫ਼ੈਸਲੇ ਦਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ ਏ) ਜਾਰੀ ਕਰਨ ਸਬੰਧੀ ਹੁਕਮਾਂ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਨੇ ਸੂਬਾ ਸਰਕਾਰ ਨੂੰ ਜਲਦ ਤੋਂ ਜਲਦ ਮੁਲਾਜ਼ਮਾਂ ਦੇ ਡੀ ਏ ਦਾ ਭੁਗਤਾਨ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 'ਆਪ' ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਅਦਾਲਤ ਵਿਚ ਬੇਨਕਾਬ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ ਏ ਦੇ ਲਾਭ ਦੇਣ ਤੋਂ ਟਾਲਾ ਵੱਟਿਆ। ਸਰਕਾਰ ਨੇ ਪਹਿਲਾਂ ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਬਣਾਈ, ਜਿਸ ਨੇ ਸਿਫਾਰਸ਼ ਕੀਤੀ ਕਿ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇ ਵਾਧੂ ਲਾਭ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਲਾਭ ਪਹਿਲਾਂ ਹੀ ਕੇਂਦਰ ਸਰਕਾਰ ਦੇ ਬਰਾਬਰ ਹਨ ਜਾਂ ਉਸ ਤੋਂ ਜ਼ਿਆਦਾ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਸਾਹਮਣੇ ਕੁਝ ਕਹਿੰਦੀ ਸੀ ਤੇ ਅਦਾਲਤ ਵਿਚ ਕੁਝ ਹੋਰ ਆਖਦੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਦੇ ਵੀ ਮੁਲਾਜ਼ਮਾਂ ਦਾ ਡੀ ਏ ਨਹੀਂ ਰੁਕਣ ਦਿੱਤਾ ਗਿਆ, ਜਦੋਂ ਕਿ ਕਾਂਗਰਸ ਤੇ 'ਆਪ' ਨੇ ਹਮੇਸ਼ਾ ਮੁਲਾਜ਼ਮਾਂ ਦਾ ਹੱਕ ਮਾਰਿਆ ਹੈ। ਮਜੀਠੀਆ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਦੇ ਡੀ ਏ ਦੇ 14191 ਕਰੋੜ ਰੁਪਏ ਤੁਰੰਤ ਜਾਰੀ ਕਰੇ।

'ਆਪ' ਨੇ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਿਆ: ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ ਸਬੰਧੀ ਆਏ ਫ਼ੈਸਲੇ ਦਾ ਸਵਾਗਤ ਕਰਦਿਆਂ 'ਆਪ' ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਰੋਕਿਆ ਹੋਇਆ ਡੀ ਏ ਜਾਰੀ ਕਰਨ ਦੇ ਦਿੱਤੇ ਹੁਕਮ 'ਆਪ' ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ 'ਤੇ ਡਾਕਾ ਮਾਰਦੀ ਆ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune