Dailyhunt Logo
  • Light mode
    Follow system
    Dark mode
    • Play Story
    • App Story

Punjab Farmer Assault: ਕਿਸਾਨ ਆਗੂ ਦੀ ਕੁੱਟਮਾਰ ਕਰਨ 'ਤੇ ਯੂਥ ਕਾਂਗਰਸ ਪਾਇਲ ਦੇ ਪ੍ਰਧਾਨ ਖ਼ਿਲਾਫ਼ ਪਰਚਾ ਦਰਜ

ਲੌਦ ਪੁਲੀਸ ਨੇ ਇੱਕ ਕਿਸਾਨ ਆਗੂ ਦੀ ਸ਼ਿਕਾਇਤ 'ਤੇ ਯੂਥ ਕਾਂਗਰਸ ਹਲਕਾ ਪਾਇਲ ਦੇ ਪ੍ਰਧਾਨ ਗੁਰਨਾਜ ਸਿੰਘ ਜੀਰਖ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਘੇਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਜੀਰਖ ਵਾਸੀ ਕਿਸਾਨ ਆਗੂ ਕਿਰਨਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੰਗਲਵਾਰ ਸਵੇਰੇ ਉਹ ਰੋਜ਼ਾਨਾ ਦੀ ਤਰ੍ਹਾਂ ਸੁਆ ਪੁਲੀ ਘਲੋਟੀ ਵੱਲ ਸੈਰ ਕਰਨ ਜਾ ਰਿਹਾ ਸੀ।

ਸ਼ਿਕਾਇਤ ਮੁਤਾਬਕ ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਗੁਰਨਾਜ ਸਿੰਘ ਜੀਰਖ ਆਪਣੇ ਦੋ ਸਾਥੀਆਂ ਸਮੇਤ ਉੱਥੇ ਪਹੁੰਚੇ ਅਤੇ ਉਸ ਨੂੰ ਰਸਤੇ ਵਿੱਚ ਰੋਕ ਕੇ ਹੇਠਾਂ ਸੁੱਟ ਕੇ ਦਾਤ ਨਾਲ ਹਮਲਾ ਕੀਤਾ ਗਿਆ। ਦੋਸ਼ ਹੈ ਕਿ ਇਸ ਤੋਂ ਬਾਅਦ ਤਿੰਨਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਤੋਂ ਬਾਅਦ ਜ਼ਖ਼ਮੀ ਕਿਰਨਜੀਤ ਸਿੰਘ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਮਲੌਦ ਲਿਜਾਇਆ ਗਿਆ। ਉੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ। ਪੁਲੀਸ ਨੇ ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਯੂਥ ਕਾਂਗਰਸ ਪ੍ਰਧਾਨ ਗੁਰਨਾਜ ਸਿੰਘ ਜੀਰਖ ਅਤੇ ਉਸਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖ਼ਮੀ ਦੀ ਮੈਡੀਕਲ ਅਤੇ ਡਾਕਟਰਾਂ ਦੀ ਅੰਤਿਮ ਰਿਪੋਰਟ ਅਜੇ ਆਉਣੀ ਬਾਕੀ ਹੈ। ਰਿਪੋਰਟ ਮਿਲਣ ਤੋਂ ਬਾਅਦ ਜੇਕਰ ਲੋੜ ਪਈ ਤਾਂ ਮਾਮਲੇ ਵਿੱਚ ਹੋਰ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਫਿਲਹਾਲ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹਰ ਪੱਖ ਤੋਂ ਤਫ਼ਤੀਸ਼ ਜਾਰੀ ਹੈ।
ਉੱਧਰ, ਇਸ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਕਾਨੂੰਨ ਆਪਣੇ ਹੱਥ ਵਿੱਚ ਲਿਆ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਕੁਝ ਆਗੂ ਗੁੰਡਾਗਰਦੀ ਦਾ ਮਾਹੌਲ ਪੈਦਾ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲੀਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਡੀਐੱਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Dailyhunt
Disclaimer: This content has not been generated, created or edited by Dailyhunt. Publisher: Punjabi Tribune