ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਸੰਘਰਸ਼ ਅਤੇ ਸੱਚ ਦੀ ਲੜਾਈ 'ਤੇ ਆਧਾਰਿਤ ਫ਼ਿਲਮ ਸਤਲੁਜ ਨੂੰ ਜੀ- 5 ਓ ਟੀ ਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜ਼ਿਲ੍ਹਾ ਸੰਗਰੂਰ ਇਕਾਈ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਗਿਆ।
ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ ਨੱਤ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਫ਼ਿਲਮ ਨੂੰ ਮੁੜ ਪ੍ਰਸਾਰਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਕੁਲਦੀਪ ਸਿੰਘ ਲਹਿਰਾਗਾਗਾ, ਭਾਈ ਕਰਮਜੀਤ ਸਿੰਘ ਸੁਨਾਮ, ਕਰਮ ਸਿੰਘ ਫ਼ੌਜੀ ਸੰਗਰੂਰ, ਮੁਨੀਸ਼, ਲਖਵੀਰ ਸਿੰਘ ਢੀਂਡਸਾ, ਰਣਜੀਤ ਸਿੰਘ ਲਹਿਲ ਕਲਾਂ, ਰਣਬੀਰ ਸਿੰਘ ਸਿਬੀਆਂ, ਕਮਲਜੀਤ ਕੌਰ ਬਰਾੜ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਇਸੇ ਤਰ੍ਹਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੋਹਤਬਰਾਂ ਦੇ ਵਫ਼ਦ ਵੱਲੋਂ ਦਸਤਖ਼ਤੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਹੀਂ ਫ਼ਿਲਮ ਸਤਲੁਜ ਉੱਤੇ ਲਾਈ ਪਾਬੰਦੀ ਹਟਾਉਣ ਦੀ ਮੰਗ ਲਈ ਏ ਡੀ ਸੀ ਅੰਕੁਰ ਮਹਿੰਦਰੂ ਨੂੰ ਮੰਗ ਪੱਤਰ ਦਿੱਤਾ ਗਿਆ। ਵਫ਼ਦ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਬਲਾਕ ਸਮਿਤੀ ਦੇ ਸਾਬਕਾ ਮੈਂਬਰ ਨਰਿੰਦਰ ਸਿੰਘ ਬਹਾਦਰਪੁਰ, ਮਨੂੰ ਬਡਰੁੱਖਾਂ, ਨੰਬਰਦਾਰ ਯੂਨੀਅਨ ਆਗੂ ਕਰਮਜੀਤ ਸਿੰਘ ਅਤੇ ਸੁਖਦੇਵ ਸਿੰਘ ਮੌਜੂਦ ਸਨ।
ਫਿਲਮ 'ਤੇ ਲੱਗੀ ਰੋਕ ਤੁਰੰਤ ਹਟਾਈ ਜਾਵੇ: ਰੱਖੜਾ
ਪਟਿਆਲਾ (ਖੇਤਰੀ ਪ੍ਰਤੀਨਿਧ): ਸਾਬਕਾ ਮੰਤਰੀ ਅਤੇ ਆਪ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜ਼ਿੰਦਗੀ ਵਾਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੀ ਲੜਾਈ 'ਤੇ ਆਧਾਰਿਤ ਫ਼ਿਲਮ ਸਤਲੁਜ ਨੂੰ ਮੁੜ ਓ ਟੀ ਟੀ ਪਲੇਟਫਾਰਮਾਂ ਅਤੇ ਸਿਨੇਮਾਘਰਾਂ ਵਿੱਚ ਜਾਰੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅਤੇ ਸੰਵੇਦਨਸ਼ੀਲ ਵਿਸ਼ੇ 'ਤੇ ਬਣੀ ਫ਼ਿਲਮ ਨੂੰ ਰੋਕਣਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ।
ਕੇਂਦਰ ਫਿਲਮ 'ਤੇ ਲੱਗੀ ਰੋਕ ਤੁਰੰਤ ਹਟਾਵੇ: ਚੰਦੂਮਾਜਰਾ
ਪਟਿਆਲਾ (ਖੇਤਰੀ ਪ੍ਰਤੀਨਿਧ): ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਫਿਲਮ ਸਤਲੁਜ 'ਤੇ ਲਾਈ ਗਈ ਰੋਕ ਤੁਰੰਤ ਹਟਾ ਕੇ ਮੁੜ ਦਰਸ਼ਕਾਂ ਲਈ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੀ ਨਿਡਰ ਸੇਵਾ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਕੀਤੇ ਗਏ ਸੰਘਰਸ਼ ਤੋਂ ਪ੍ਰੇਰਿਤ ਹੈ। ਅਜਿਹੇ ਇਤਿਹਾਸਕ ਤੱਥਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ।
