ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿਨ ਭਰ ਸਮੁੱਚੇ ਪੰਜਾਬ ਵਿੱਚ ਬੱਦਲਵਾਈ ਰਹੀ ਅਤੇ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਸੂਬੇ ਵਿੱਚ ਮੀਂਹ ਦੀ ਆਮਦ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਪਿਛਲੇ ਦਿਨੀਂ ਗਰਮੀ ਕਾਰਨ ਝੋਨੇ ਦੇ ਖੇਤ ਸੁੱਕੇ ਪਏ ਸਨ, ਜਿਸ ਕਰ ਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਵੱਡੀ ਗਿਣਤੀ ਕਿਸਾਨ ਖੇਤਾਂ ਵਿੱਚ ਝੋਨੇ ਦੀ ਲੁਆਈ ਕਰਦੇ ਦਿਖਾਈ ਦਿੱਤੇ। ਮੀਂਹ ਮਗਰੋਂ ਪਾਵਰਕੌਮ ਅਧਿਕਾਰੀਆਂ ਨੂੰ ਵੀ ਕੁੱਝ ਰਾਹਤ ਮਿਲੀ ਹੈ। ਪਿਛਲੇ ਦਿਨੀਂ ਪੰਜਾਬ ਵਿੱਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਵੀ ਟੱਪ ਗਈ ਸੀ ਪਰ ਅੱਜ ਮੌਸਮ ਮਿਜ਼ਾਜ ਬਦਲਣ ਮਗਰੋਂ ਬਿਜਲੀ ਦੀ ਮੰਗ ਘਟੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ 22 ਐੱਮ ਐੱਮ ਮੀਂਹ ਪਿਆ, ਜਦਕਿ ਪਠਾਨਕੋਟ ਵਿੱਚ 61.4 ਐੱਮ ਐੱਮ, ਹੁਸ਼ਿਆਰਪੁਰ ਵਿੱਚ 6.5 ਐੱਮ ਐੱਮ, ਮੁਹਾਲੀ ਵਿੱਚ 21 ਐੱਮ ਐੱਮ, ਰੂਪਨਗਰ ਵਿੱਚ 12.5 ਐੱਮ ਐੱਮ ਮੀਂਹ ਪਿਆ। ਇਸ ਤੋਂ ਇਲਾਵਾ ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਵੀ ਮੀਂਹ ਪਿਆ ਹੈ।
ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ
ਮੌਸਮ ਵਿਭਾਗ ਮੁਤਾਬਕ ਅੱਜ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.5 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 29.7 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 33.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 29.7 ਡਿਗਰੀ, ਪਠਾਨਕੋਟ ਵਿੱਚ 33.1 ਡਿਗਰੀ, ਫਰੀਦਕੋਟ ਵਿੱਚ 36 ਡਿਗਰੀ, ਗੁਰਦਾਸਪੁਰ ਵਿੱਚ 33 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 29.5 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 40.5 ਡਿਗਰੀ, ਹੁਸ਼ਿਆਰਪੁਰ ਵਿੱਚ 32.4 ਡਿਗਰੀ, ਮੋਗਾ ਵਿੱਚ 35.9 ਡਿਗਰੀ, ਮੁਹਾਲੀ ਵਿੱਚ 28.8 ਡਿਗਰੀ, ਰੂਪਨਗਰ ਵਿੱਚ 32.9 ਡਿਗਰੀ ਅਤੇ ਫਿਰੋਜ਼ਪੁਰ ਵਿੱਚ 34.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
