*ਸੰਗਰੂਰ, 2 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।
ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ।
ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਜ਼ਿਆਦਾਤਰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਮਰੀਜ਼ ਸਥਾਨਕ ਪੱਧਰ 'ਤੇ ਹੀ ਆਧੁਨਿਕ ਮਸ਼ੀਨਾਂ ਅਤੇ ਸਮਰਪਿਤ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਨਾਲ ਲੈਸ ਇਸ ਹਸਪਤਾਲ ਵਿੱਚ ਇਲਾਜ ਕਰਵਾ ਸਕਣਗੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੰਤ ਬਾਬਾ ਅਤਰ ਸਿੰਘ ਦੇ ਨਾਮ 'ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦਾ ਮੰਤਵ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਇਸ ਪ੍ਰਾਜੈਕਟ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।"
ਇਸ ਨਵੇਂ ਹਸਪਤਾਲ ਦੀ ਅਹਿਮੀਅਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ, "ਅੱਜ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਜਨਮ ਸਥਾਨ ਪਿੰਡ ਚੀਮਾ ਵਿਖੇ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੰਤ ਅਤਰ ਸਿੰਘ ਜੀ ਮਹਾਰਾਜ ਨੇ ਸਿੱਖਿਆ ਅਤੇ ਸਮਾਜ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇਸ ਕਮਿਊਨਿਟੀ ਹੈਲਥ ਸੈਂਟਰ ਦਾ ਨਾਮ ਅਜਿਹੀ ਮਹਾਨ ਸ਼ਖ਼ਸੀਅਤ ਦੇ ਨਾਮ 'ਤੇ ਰੱਖਿਆ ਜਾਣਾ ਸੁਭਾਗੀ ਗੱਲ ਹੈ। ਜ਼ਿਕਰਯੋਗ ਹੈ ਕਿ 11.75 ਕਰੋੜ ਦੀ ਲਾਗਤ ਵਾਲੇ ਇਸ ਸੈਂਟਰ ਦੀ ਸਮਰੱਥਾ 30 ਬਿਸਤਰਿਆਂ ਦੀ ਹੋਵੇਗੀ ।

