Jagraon News(ਹੇਮ ਰਾਜ ਬੱਬਰ): ਲੁਧਿਆਣਾ ਦੇ ਜਗਰਾਓਂ ਸਬ-ਡਿਵੀਜ਼ਨ ਅਧੀਨ ਪਿੰਡ ਮਾਣੂੰਕੇ ਵਿੱਚ ਜਿਮ ਦੇ ਬਾਹਰ ਨੌਜਵਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਹਠੂਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਪ੍ਰਗਟ ਸਿੰਘ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਦੇਸੀ ਪਿਸਤੌਲ ਅਤੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਜਗਰਾਓਂ ਦੇ ਡੀਐਸਪੀ (ਡੀ) ਸਾਗਰ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਮਾਮਲਾ ਬੀਤੀ 10 ਜੂਨ ਨੂੰ ਵਾਪਰੀ ਫਾਇਰਿੰਗ ਦੀ ਘਟਨਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਸ ਘਰ ਦੇ ਬਾਹਰ ਪਹਿਲਾਂ ਕੁਝ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ, ਉਸੇ ਘਰ ਦੇ ਰਹਿਣ ਵਾਲੇ ਪ੍ਰਗਟ ਸਿੰਘ ਨੇ ਬਾਅਦ ਵਿੱਚ ਉਨ੍ਹਾਂ ਨੌਜਵਾਨਾਂ ਦੇ ਦੋਸਤ ਗਗਨਦੀਪ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਜਿਮ ਦੇ ਬਾਹਰ ਫਾਇਰਿੰਗ ਕੀਤੀ। ਇਸ ਘਟਨਾ ਵਿੱਚ ਗਗਨਦੀਪ ਸਿੰਘ ਵਾਲ-ਵਾਲ ਬਚ ਗਿਆ।
ਡੀਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਤਕਨੀਕੀ ਜਾਂਚ ਅਤੇ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪ੍ਰਗਟ ਸਿੰਘ ਅਤੇ ਉਸਦੇ ਦੋ ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸਾਥੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਦੂਜੇ ਪਾਸੇ ਗ੍ਰਿਫ਼ਤਾਰ ਮੁਲਜ਼ਮ ਪ੍ਰਗਟ ਸਿੰਘ ਨੇ ਦਾਅਵਾ ਕੀਤਾ ਕਿ ਜਿਸ ਗਗਨਦੀਪ ਸਿੰਘ 'ਤੇ ਉਸ ਨੇ ਗੋਲੀਆਂ ਚਲਾਈਆਂ, ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਸੀ। ਇਸ ਰੰਜਿਸ਼ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

