Municipal Council President Election News (ਵਰੁਣ ਸ਼ਰਮਾ): ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਅੱਜ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋਣੀ ਸੀ। ਇਸ ਲਈ ਸਵੇਰੇ 10 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ, ਪਰ ਅਚਾਨਕ ਚੋਣ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਹੋਣ 'ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਤਿੱਖਾ ਵਿਰੋਧ ਦਰਜ ਕਰਵਾਇਆ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਇਸ਼ਾਰੇ 'ਤੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਜਿਸ ਐਸਡੀਐਮ ਨੇ ਚੋਣ ਕਰਵਾਉਣੀ ਸੀ, ਉਹ ਅੱਜ ਅਚਾਨਕ ਬਿਮਾਰ ਹੋ ਗਏ।
ਵਿਧਾਇਕ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ 'ਤੇ ਵੀ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਗੁਰੂ ਨਗਰੀ ਵਿੱਚ ਡਰ ਤੇ ਭੈਅ ਦਾ ਮਾਹੌਲ ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਅਮਨ-ਸ਼ਾਂਤੀ ਵਾਲੀ ਧਰਤੀ 'ਤੇ ਪਰਚਾ ਕਲਚਰ ਅਤੇ ਡਰ ਦਾ ਮਾਹੌਲ ਬਣਾਉਣ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਨੂੰ ਲੋਕ ਪਹਿਲਾਂ ਵੀ ਕਦੇ ਬਰਦਾਸ਼ਤ ਨਹੀਂ ਕਰਦੇ ਸਨ ਅਤੇ ਹੁਣ ਵੀ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਜਿਸ ਵੀ ਲੀਡਰ ਨੇ ਸੁਲਤਾਨਪੁਰ ਲੋਧੀ ਵਿੱਚ ਧੱਕੇਸ਼ਾਹੀ, ਪਰਚਾ ਕਲਚਰ ਜਾਂ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਅੰਤ ਵਿੱਚ ਉਸ ਨੂੰ ਲੋਕਾਂ ਦੇ ਫ਼ੈਸਲੇ ਅੱਗੇ ਮੂੰਹ ਦੀ ਖਾਣੀ ਪਈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਅਜਿਹਾ ਇੱਕ ਲੀਡਰ ਪਹਿਲਾਂ ਹੀ ਲੋਕਾਂ ਵੱਲੋਂ ਘਰ ਬਿਠਾਇਆ ਜਾ ਚੁੱਕਾ ਹੈ ਅਤੇ ਹੁਣ ਦੂਸਰੇ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਲੋਕ ਹਮੇਸ਼ਾ ਸ਼ਾਂਤੀ, ਭਾਈਚਾਰੇ ਅਤੇ ਲੋਕਤੰਤਰ ਦੇ ਹੱਕ ਵਿੱਚ ਖੜ੍ਹੇ ਰਹੇ ਹਨ ਅਤੇ ਅੱਗੇ ਵੀ ਕਿਸੇ ਨੂੰ ਡਰ ਦੇ ਸਹਾਰੇ ਸਿਆਸਤ ਨਹੀਂ ਕਰਨ ਦੇਣਗੇ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ ਉਨ੍ਹਾਂ ਦੇ ਧੜੇ ਦੇ 7 ਉਮੀਦਵਾਰ ਜਿੱਤ ਕੇ ਆਏ ਹਨ ਅਤੇ ਲੋਕਾਂ ਨੇ ਸਪੱਸ਼ਟ ਜਨਾਦੇਸ਼ ਦਿੱਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਨੇ ਆਪਣੇ ਧੜੇ ਵੱਲੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਉਮੀਦਵਾਰਾਂ ਦੇ ਨਾਮ ਜਨਤਕ ਕਰ ਦਿੱਤੇ ਹਨ। ਉਨ੍ਹਾਂ ਕਿਹਾ, "ਹੁਣ ਸਰਕਾਰ ਜਦੋਂ ਮਰਜ਼ੀ ਚੋਣ ਕਰਵਾ ਲਵੇ, ਮੈਂ ਆਪਣੇ ਪੱਤੇ ਖੋਲ੍ਹ ਦਿੱਤੇ ਹਨ।" ਇਸ ਮਾਮਲੇ ਨੂੰ ਲੈ ਕੇ ਸੁਲਤਾਨਪੁਰ ਲੋਧੀ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਪ੍ਰਧਾਨਗੀ ਦੀ ਨਵੀਂ ਤਾਰੀਖ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ।

